ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਰਿਹਰਸਲ ਮੌਕੇ ਕੀਤਾ ਪਰੇਡ ਦਾ ਨਿਰੀਖਣ
ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਕੌਮੀ ਝੰਡਾ
ਫਾਜ਼ਿਲਕਾ 13 ਅਗਸਤ 2024
ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਸ. ਵਰਿੰਦਰ ਸਿੰਘ ਬਰਾੜ ਵਧੀਕ ਡਿਪਟੀ ਕਮਿਸ਼ਨਰ ਸ੍ਰੀ. ਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਦਿਨ ਤੇ ਜ਼ਿਲਾ ਪੱਧਰੀ ਸਮਾਗਮ ’ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਆਜ਼ਾਦੀ ਜਸ਼ਨਾਂ ਨੂੰ ਹੋਰ ਵਧੀਆ ਢੰਗ ਨਾਲ ਮਨਾਇਆ ਜਾ ਸਕੇ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਇੰਚਾਰਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਆਦੇਸ਼ ਦਿੰਦਿਆਂ ਕਿਹਾ ਕਿ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜੀ ਪਖਾਣੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ।
ਇਸ ਮੌਕੇ ਐੱਸ.ਡੀ.ਐੱਮ ਸ੍ਰੀ. ਵਿਪਨ ਭੰਡਾਰੀ, ਡਿਪਟੀ ਡੀਈਓ ਸ੍ਰੀ. ਪੰਕਜ ਅੰਗੀ, ਤਹਿਸੀਲ ਭਲਾਈ ਅਫਸਰ ਸ੍ਰੀ ਅਸ਼ੋਕ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।