ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

_Deepshikha Sharma IAS
Deepshikha Sharma IAS

ਫਿਰੋਜ਼ਪੁਰ 13 ਅਕਤੂਬਰ 2024

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਚੋਣਾਂ ਵਾਲੇ ਦਿਨ 15 ਅਕਤੂਬਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾਂ ਤੇ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰੱਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦਕੀ ਸ਼ੋਰ-ਸ਼ਰਾਬਾ, ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਅਧਿਕਾਰੀ/ਕਰਮਚਾਰੀ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਿਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈੱਟ ਨਹੀਂ ਲਗਾਏਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸਿਵਾਏ ਰਾਜ ਚੋਣ ਕਮਿਸ਼ਨ ਪੰਜਾਬ ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫ਼ਸਰ ਵਲੋਂ ਅਧਿਕਾਰਤ ਵਿਅਕਤੀ, ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵ੍ਹੀਕਲ ਨਹੀਂ ਲਿਜਾਏਗਾ।

ਉਨ੍ਹਾਂ ਕਿਹਾ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਸ਼ਡਿਊਲ ਅਨੁਸਾਰ 15 ਅਕਤੂਬਰ 2024 ਨੂੰ ਪੰਚਾਇਤੀ ਚੋਣਾਂ ਕਰਵਾਈਆ ਜਾ ਰਹੀਆਂ ਹਨ ਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋ ਰਹੀ ਹੈ। ਪੰਚਾਇਤੀ ਚੋਣਾਂ ਮੱਦੇਨਜ਼ਰ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈੱਸ ਸੈੱਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ, ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ’ਚ ਵਿਘਨ ਪੈ ਸਕਦਾ ਹੈ। ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਤੇ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲੋੜੀਂਦੇ ਉਪਰਾਲੇ ਕੀਤੇ ਗਏ ਹਨ।

Spread the love