ਜਿਲ੍ਹੇ ਵਿਚ ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ ਪ੍ਰਬੰਧ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 89 ਖਰੀਦ ਕੇਂਦਰਾਂ ‘ਤੇ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ ਪ੍ਰਕਿਰਿਆ
ਸੀਜ਼ਨ ਦੌਰਾਨ ਮੰਡੀਆਂ ਵਿੱਚ ਲੱਗਭੱਗ 6 ਲੱਖ 80 ਹਜ਼ਾਰ ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ
ਤਰਨ ਤਾਰਨ, 04 ਅਪ੍ਰੈਲ :
ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ 10 ਅਪ੍ਰੈਲ, 2021 ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਜਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਨਿਰਵਿਘਨ ਖਰੀਦ  ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁੱਲ਼ 89 ਖਰੀਦ ਕੇਂਦਰ ਬਣਾਏ ਗਏ ਹਨ, ਜਿਸ ਤਹਿਤ 60 ਪੱਕੀਆਂ ਮੰਡੀਆਂ ਤੇ 29 ਸਬ ਯਾਰਡਾਂ ਵਿੱਚ ਕਣਕ ਦੀ ਖਰੀਦ ਕੀਤੀ ਜਾਵੇਗੀ ।
ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਕੋਈ ਪਰੇਸ਼ਾਨੀ ਨਾ ਆਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।ਸਮੁੱਚੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 89 ਖਰੀਦ ਕੇਂਦਰ ਬਣਾਏ ਗਏ ਹਨ, ਜਿੱਥੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ਵਿੱਚ ਲੱਗਭੱਗ 6 ਲੱਖ 80 ਹਜ਼ਾਰ  ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਲਈ ਬਾਰਦਾਨੇ ਅਤੇ ਸਟੋਰੇਜ਼ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਪ੍ਰਸ਼ਾਸ਼ਕੀ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਤੇ ਬਿਜਲੀ ਦਾ ਪ੍ਰਬੰਧ ਕਰਨ ਲਈ ਸਬੰਧਿਤ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਕਰੋਨਾ ਵਾਇਰਸ ਤੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਬਚਾਉਣ ਲਈ ਹਰੇਕ ਮੰਡੀ ਵਿੱਚ ਗੇਟਾਂ ਉੱਪਰ ਹੈਂਡ ਫ੍ਰੀ ਵਾਸ਼ਿੰਗ ਸਟੇਸ਼ਨ ਸਥਾਪਿਤ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਮੰਡੀ ਅਫ਼ਸਰ ਤਰਨ ਤਾਰਨ ਨੇ ਕਿਹਾ ਕਿ ਮੰਡੀ ਬੋਰਡ, ਪੰਜਾਬ ਵਲੋਂ ਕਿਸਾਨਾਂ ਤੇ ਮਜ਼ਦੂਰਾਂ  ਲਈ ਸੈਨੇਟਾਈਜ਼ਰ ਤੇ ਮਾਸਕ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਾਰੀਆਂ ਮੰਡੀਆਂ ਵਿਖੇ ਸੋਡੀਅਮ ਹਾਈਪੋਕਲੋਰਾਇਟ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਮੱਦਦ ਮਿਲ ਸਕੇ।
Spread the love