ਜੱਚਾ-ਬੱਚਾ ਮੌਤ ਦਰ ਵਿੱਚ ਕਮੀ ਲਿਆਉਣ ਲਈ ਗਰਭਵਤੀ ਔਰਤਾਂ ਦਾ ਮੁਕੰਮਲ ਚੈੱਕਅੱਪ ਕਰਵਾਉਣਾ ਜ਼ਰੂਰੀ: ਡਾ. ਗੀਤਾਂਜਲੀ ਸਿੰਘ

ਸਿਹਤ ਬਲਾਕ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਮਮਤਾ ਦਿਵਸ ਮਨਾਇਆ
ਨਵਾਂਸ਼ਹਿਰ, 22 ਜੁਲਾਈ 2021 ਮਾਣਯੋਗ ਸਿਵਲ ਸਰਜਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਬਲਾਕ ਮੁਜੱਫਰਪੁਰ ਦੇ ਵੱਖ-ਵੱਖ ਸਬ ਸੈਂਟਰਾਂ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ।
ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਡਾ ਗੀਤਾਂਜਲੀ ਸਿੰਘ ਨੇ ਪਿੰਡ ਕੋਟ ਰਾਂਝਾ ਸਬ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਟੀਕਾਕਰਨ ਦਾ ਰਿਕਾਰਡ ਚੈੱਕ ਕੀਤਾ ਜੋ ਕਿ ਤਸੱਲੀਬਖ਼ਸ਼ ਪਾਇਆ ਗਿਆ।
ਡਾ ਗੀਤਾਂਜਲੀ ਸਿੰਘ ਨੇ ਮਮਤਾ ਦਿਵਸ ਮੌਕੇ ਏ.ਐਨ.ਐਮਜ਼ ਨੂੰ ਟੀਕਾਕਰਨ ਸਮੇਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਦੇ ਹੋਏ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਜਾਂਦੇ ਹਨ। ਬੱਚਿਆਂ ਤੋਂ ਇਲਾਵਾ ਗਰਭਵਤੀ ਔਰਤਾਂ ਦਾ ਮੁਫਤ ਏ.ਐਨ.ਸੀ. ਚੈਕਅੱਪ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦਾ ਵੀ ਟੀਕਾਕਰਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਜੋ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਡਾ. ਸਿੰਘ ਨੇ ਜੱਚਾ-ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਾਉਣਾ ਚਾਹੀਦਾ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਣੇਪੇ ਨਾਲ ਸਬੰਧਤ ਗਰਭਵਤੀ ਮਾਵਾਂ ਦਾ ਸਪੈਸ਼ਲਿਸਟ ਡਾਕਟਰ ਕੋਲੋਂ ਸਰਕਾਰੀ ਹਸਪਤਾਲਾਂ ਵਿਚ ਹੀ ਚੈਕਅੱਪ ਕਰਵਾਇਆ ਜਾਵੇ, ਕਿਉਂਕਿ ਸਪੈਸ਼ਲਿਸਟ ਡਾਕਟਰ ਜ਼ਿਆਦਾ ਗਿਆਨਵਾਨ ਹੁੰਦੇ ਹਨ। ਅਜਿਹੇ ਡਾਕਟਰ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚੇ ਦੋਵਾਂ ਦੀ ਜਾਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ।
ਇਸ ਮੌਕੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਸਿਹਤ ਸਿੱਖਿਆ ਦਿੱਤੀ। ਉਨ੍ਹਾਂ ਦੱਸਿਆ ਕਿ ਬਾਲ ਮੌਤ ਦਰ ਘੱਟ ਕਰਨ ਲਈ ਨਵਜੰਮੇ ਬੱਚੇ ਨੂੰ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਹੀ ਪਿਲਾਇਆ ਜਾਵੇ, ਕਿਉਂਕਿ ਮਾਂ ਦੇ ਦੁੱਧ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਰੋਗਾਂ ਤੋਂ ਬਚਾਉਂਦੇ ਹਨ। ਮਾਂ ਦਾ ਦੁੱਧ ਬੱਚੇ ਨੂੰ ਦਸਤ ਰੋਗ ਸਮੇਤ ਹੋਰ ਕਈ ਬਿਮਾਰੀਆਂ ਤੋਂ ਬਚਾਉਂਦਾ ਹੈ।

Spread the love