
ਰੂਪਨਗਰ, 12 ਅਗਸਤ 2024
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਰੂਪਨਗਰ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਜਿਲੇ ਦੇ ਵੱਖ-ਵੱਖ ਪਿੰਡਾਂ ਤੋਂ ਝੋਨੇ ਵਿੱਚੋਂ ਕੁੱਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਝੋਨੇ ਦੀ ਫਸਲ ਵਿੱਚ ਮਧਰੇ ਬੂਟਿਆ ਦਾ ਨਿਰੀਖਣ ਕਰਨ ਲਈ ਖੇਤੀਬਾੜੀ ਵਿਭਾਗ ਦੇ ਮਾਹਿਰ ਦੀ ਟੀਮ ਵੱਲੋ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਡਾ. ਅਮਰਜੀਤ ਸਿੰਘ ਏਡੀੳ ਅਤੇ ਰਾਜ ਕੁਮਾਰ ਏਐਸਆਈ ਨੇ ਪਿੰਡ ਅਜੌਲੀ ਬਲਾਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਰਕੇਸ਼ ਕੁਮਾਰ, ਹਰਮੇਸ਼ ਕੁਮਾਰ ਅਤੇ ਤਰਸੇਮ ਲਾਲ ਦੇ ਖੇਤਾਂ ਦਾ ਦੌਰਾ ਕੀਤਾ।
ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂੰ ਰੋਗ ਕਰਕੇ ਵੀ ਹੋ ਸਕਦਾ ਹੈ। ਇਹ ਵਿਸ਼ਾਣੂੰ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉੱਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ-ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।
ਇਸ ਵਿਸ਼ਾਣੂ ਰੋਗ ਬਾਰੇ ਪੀਏਯੂ ਦੇ ਪੌਦਾ ਰੋਗ ਵਿਭਾਗ ਨੇ ਦੱਸਿਆ ਕਿ ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉਪਰ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ।
ਇਸ ਤੋਂ ਇਲਾਵਾ ਕਈ ਥਾਵਾਂ ਤੇ ਜ਼ਿੰਕ ਦੀ ਘਾਟ ਹੈ ਉਥੇ ਇਸ ਤੱਤ ਦੀ ਪੂਰਤੀ ਕੀਤੀ ਜਾਵੇ, ਜੇਕਰ ਟਿੱਡੇ ਦੀ ਆਮਦ ਫਸਲ ਤੇ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲਿਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕੀਤਾ ਜਾਵੇ। ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ।