ਰੂਪਨਗਰ, 4 ਨਵੰਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਰੂਪਨਗਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵੱਲੋਂ 22 ਸਤੰਬਰ ਤੋਂ ਪ੍ਰਚਾਰਕ ਵੈਨਾਂ ਚਲਾਈਆਂ ਜਾ ਰਹੀਆਂ ਹਨ।
ਇਸ ਬਾਰੇ ਗੱਲਬਾਤ ਕਰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਨੂੰ ਜਿ਼ਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚਲਾ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋ ਰਹੇ ਵਾਤਾਵਰਣ ਪ੍ਰਦੂਸ਼ਣ,ਜ਼ਮੀਨ ਦੀ ਸਿਹਤ ਦਾ ਨੁਕਸਾਨ ਅਤੇ ਕਿਸਾਨਾਂ ਦੇ ਵਿੱਤੀ ਨੁਕਸਾਨਾਂ ਬਾਰੇ ਗੀਤਾ, ਸਲੋਗਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ।
ਇਸ ਸੰਬੰਧੀ ਉਨ੍ਹਾਂ ਦੱਸਿਆ ਗਿਆ ਕਿ ਇਨ੍ਹਾਂ ਵੈਨਾਂ ਨੂੰ ਪੰਜਾਬ ਰਿਮੋਟ ਸੈਸਿੰਗ ਸੈਂਟਰ ਵੱਲੋਂ ਪਿਛਲੇ ਸਾਲਾਂ ਦੌਰਾਨ ਬਲਾਕ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਜਿਨ੍ਹਾਂ ਪਿੰਡਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਬਾਰੇ ਰਿਪੋਰਟ ਦਿੱਤੀ ਗਈ ਸੀ ਉਨ੍ਹਾਂ ਪਿੰਡਾਂ ਵਿੱਚ ਵਿਸ਼ੇਸ਼ ਤੌਰ ਤੇ ਇਹ ਵੈਨਾਂ ਚਲਾਈ ਜਾ ਰਹੀ ਹੈ।
ਇਸ ਮੌਕੇ ਇੰਜੀਨੀਅਰ ਜੁਝਾਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਜ਼ੀਰੋ ਟਿਲ ਡਰਿਲ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫ਼ੇਸ ਸੀਡਰ ਮਸ਼ੀਨ ਰਾਹੀ ਕੀਤੀ ਜਾਵੇ।