ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਜ਼ਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ 
ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
ਸਰਕਾਰੀ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਦੀਆਂ ਵੀ ਦਿੱਤੀਆਂ ਹਦਾਇਤਾਂ
ਰੂਪਨਗਰ, 13 ਸਤੰਬਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਵੱਖ ਵੱਖ ਵਿਭਾਗਾਂ ਦੀਆਂ ਮਹੀਨਾਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਤੇ ਪ੍ਰੋਜੈਕਟਾਂ ਸਬੰਧੀ ਸਮੀਖਿਆ ਕੀਤੀ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਰੋਡ ਸੇਫਟੀ ਅਤੇ ਸ਼ਹਿਰੀ ਟ੍ਰੈਫਿਕ ਦਾ ਜਾਇਜ਼ਾ ਲੈਂਦਿਆਂ ਉਹਨਾਂ ਕਿਹਾ ਕਿ ਟ੍ਰੈਫਿਕ ਪੁਲਿਸ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਿਰੰਤਰ ਕਾਰਵਾਈ ਕਰੇ ਅਤੇ ਓਵਰਲੋਡ ਵਾਹਨਾਂ ਦੇ ਚਾਲਾਨ ਕੀਤੇ ਜਾਣ। ਉਨ੍ਹਾਂ ਅਦਾਲਤਾਂ ਵਿੱਚ ਕਰ ਅਤੇ ਆਬਕਾਰੀ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਲੰਬਿਤ ਪਏ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਜ਼ਿਲ੍ਹਾ ਅਟਾਰਨੀ ਨੂੰ ਹਦਾਇਤ ਜਾਰੀ ਕੀਤੀ।
ਕਿਰਤ ਵਿਭਾਗ ਦੀ ਸਮੀਖਿਆ ਕਰਦਿਆਂ ਉਨ੍ਹਾਂ ਕਿਹਾ ਕਿ ਬਾਲ ਮਜ਼ਦੂਰੀ ਵਿਰੁੱਧ ਵਿਸ਼ੇਸ਼ ਮੁਹਿੰਮ ਜਾਰੀ ਰੱਖੀ ਜਾਵੇ ਅਤੇ ਜੇਕਰ ਜਬਰਨ ਮਜ਼ਦੂਰੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੀਟਿੰਗ ਵਿੱਚ ਨੈਸ਼ਨਲ ਹਾਈਵੇ ਅਤੇ ਲਿੰਕ ਸੜਕਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਉਣ ਬਾਰੇ, ਵਿਕਾਸ ਦੇ ਕੰਮਾਂ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਵੀ ਜਾਇਜ਼ਾ ਲਿਆ। ਉਹਨਾਂ ਕਿਹਾ ਕਿ ਕੌਮੀ ਮਾਰਗਾਂ ਉੱਤੇ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਬਣਾਏ ਜਾਣ ਵਾਲੇ ਫਲਾਈਓਵਰਜ਼ ਸਬੰਧੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਇਸ ਦੇ ਨਾਲ ਨਾਲ ਨੰਗਲ ਵਿਖੇ ਲਗਦੇ ਟਰੈਫਿਕ ਜਾਮਾਂ ਬਾਬਤ ਉਚੇਚੇ ਤੌਰ ਉੱਤੇ ਸਮੀਖਿਆ ਕੀਤੀ ਗਈ ਤੇ ਹੱਲ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ ਵਿਚ ਜੇਕਰ ਪਖਾਨਿਆਂ ਸਬੰਧੀ ਕੋਈ ਵੀ ਦਿੱਕਤ ਹੈ ਤਾਂ ਉਹ ਫੌਰੀ ਦੂਰ ਕੀਤੀ ਜਾਵੇ।
ਜਿਹੜੇ ਵਿਭਾਗੀ ਅਧਿਕਾਰੀਆਂ ਨੇ ਸਰਕਾਰੀ ਗ੍ਰਾਟਾਂ ਦੇ ਵਰਤੋਂ ਸਰਟੀਫਿਕੇਟ ਨਹੀਂ ਜਮ੍ਹਾਂ ਕਰਵਾਏ, ਉਨ੍ਹਾਂ ਨੂੰ ਤੁਰੰਤ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦਿਤੀਆਂ। ਉਹਨਾਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਵਿਭਾਗੀ ਅਧਿਕਾਰੀ ਮਿਲ ਕੇ ਕੰਮ ਕਰਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਹੇਠਲੇ ਪੱਧਰ ਤੱਕ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ। ਇਸ ਕਾਰਜ ਲਈ ਸਮੂਹ ਐਸ.ਡੀ.ਐਮਜ਼ ਸਬ ਡਵੀਜ਼ਨਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਮੁਹਿੰਮ ਜਾਰੀ ਰੱਖਣ।
ਖੇਤੀਬਾੜੀ ਅਤੇ ਇਸ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਕਿਸਾਨਾਂ ਨੂੰ ਸਹਾਇਕ ਧੰਦਿਆਂ ਅਤੇ ਫਸਲੀ ਵਿਭਿੰਨਤਾ ਅਪਨਾਉਣ ਲਈ ਪਿੰਡ ਪੱਧਰ ‘ਤੇ ਜਾਗਰੂਕ ਕਰਨ ਲਈ ਵੀ ਆਖਿਆ।
ਇਹਨਾਂ ਮਹੀਨਾਵਾਰ ਮੀਟਿੰਗਾਂ ਵਿੱਚ ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਮਨੀਸ਼ਾ ਰਾਣਾ (ਆਈ.ਏ.ਐਸ.), ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਐਸ.ਡੀ.ਐਮ. ਨੰਗਲ ਸ਼੍ਰੀਮਤੀ ਕਿਰਨ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹੋਰ ਪੜ੍ਹੋ – ਖੇਤੀਬਾੜੀ ਵਿਭਾਗ ਨੇ ਪਿੰਡ ਧਬਲਾਨ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Spread the love