ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਨੇ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ

—-ਵਿਲੇਜ ਡਿਫੈਂਸ ਕਮੇਟੀਆਂ ਚੌਕਸੀ ਰੱਖਣ ਦੇ ਨਾਲ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਕਰਨਗੀਆਂ ਚੌਕਸ

ਗੁਰਦਾਸਪੁਰ, 22 ਸਤੰਬਰ-

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਅੱਜ ਭਾਰਤ-ਪਕਿਸਤਾਨ ਸਰਹੱਦ ਨਾਲ ਲੱਗਦੇ ਪਿੰਡਾਂ ਸ਼ਾਹਪੁਰ ਅਫ਼ਗਾਨਾ, ਮੀਰਕਚਾਣਾ, ਠੇਠਰਕੇ ਅਤੇ ਰੱਤੜ ਛੱਤੜ ਵਿਖੇ ਇਲਾਕੇ ਦੇ ਹੋਰ ਸਰਹੱਦੀ ਪਿੰਡਾਂ ਦੇ ਸਰਪੰਚਾਂ, ਨੰਬਰਦਾਰਾਂ ਅਤੇ ਮੋਹਤਬਰ ਵਿਅਕਤੀਆਂ ਅਤੇ ਡਿਫੈਂਸ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਵਿਕਰਮਜੀਤ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਐੱਚ. ਐੱਸ. ਸੰਧੂ, ਸਿਵਲ ਅਧਿਕਾਰੀ ਅਤੇ ਬੀ.ਐੱਸ.ਐੱਫ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਸਰਹੱਦ ਨੇੜੇ ਹੁੰਦੀ ਹਰ ਦੇਸ਼-ਵਿਰੋਧੀ ਗਤੀਵਿਧੀ ’ਤੇ ਤਿੱਖੀ ਨਜ਼ਰ ਰੱਖਣ ਅਤੇ ਸਰਹੱਦ ਦੀ ਸੁਰੱਖਿਆ ਲਈ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਦਾ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਹੁੰਦੀ ਨਸ਼ੇ, ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਡਿਫੈਂਸ ਕਮੇਟੀਆਂ ਅਤੇ ਸਾਰੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਜਦੋਂ ਵੀ ਡਰੋਨ ਦੀ ਅਵਾਜ਼ ਸੁਣਾਈ ਦੇਵੇ ਜਾਂ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਪਿੰਡ ਘੁੰਮਦਾ ਦਿਖਾਈ ਦੇਵੇ ਤਾਂ ਇਸਦੀ ਸੂਚਨਾ ਤੁਰੰਤ 112 ਨੰਬਰ ’ਤੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸਦੇ ਨਾਲ ਹੀ ਸੂਚਨਾ ਦੇ ਕੇ ਨਸ਼ਿਆਂ ਜਾਂ ਹਥਿਆਰਾਂ ਦੀ ਖੇਪ ਫੜਾਉਣ ਵਾਲੇ ਵਿਅਕਤੀ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ।

ਵਿਲੇਜ ਡਿਫੈਂਸ ਕਮੇਟੀ ਦੇ ਕੰਮ-ਕਾਜ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਪਹਿਲਾਂ ਖੁਦ ਦੇਸ਼ ਦੀ ਸੁਰੱਖਿਆ ਲਈ ਚੌਕਸ ਤੇ ਜਾਗਰੂਕ ਹੋਣ ਅਤੇ ਉਸ ਤੋਂ ਬਾਅਦ ਆਪਣੇ ਪਿੰਡ ਵਾਸੀਆਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਹਰ ਮਹੀਨੇ ਵਿਲੇਜ ਡਿਫੈਂਸ ਕਮੇਟੀ ਦੇ ਸਾਰੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਜਾਵੇ ਅਤੇ ਅਧਿਕਾਰੀਆਂ ਵੱਲੋਂ ਇਸਦੀ ਸਮੀਖਿਆ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਹੱਦੀ ਪਿੰਡਾਂ ਵਿੱਚ 112 ਨੰਬਰ ਬਾਰੇ ਬੋਰਡ ਲਿਖ ਕੇ ਲਗਾਉਣ ਤਾਂ ਜੋ ਕੋਈ ਵੀ ਸ਼ੱਕੀ ਹਰਕਤ ਨੂੰ ਦੇਖ ਕੇ ਲੋਕ 112 ਨੰਬਰ ’ਤੇ ਸੂਚਨਾ ਦੇ ਸਕਣ।

ਮੀਟਿੰਗਾਂ ਦੌਰਾਨ ਬੀ.ਐੱਸ.ਐੱਫ ਅਧਿਕਾਰੀਆਂ ਨੇ ਵੀ ਸਰਹੱਦ ਦੀ ਸੁਰੱਖਿਆ ਸਬੰਧੀ ਆਪਣੀਆਂ ਚਿੰਤਾਵਾਂ ਅਤੇ ਗੁਆਂਢੀ ਮੁਲਕ ਦੀਆਂ ਨਾ-ਪਾਕ ਹਰਕਤਾਂ ਬਾਰੇ ਗੱਲ ਕਰਦਿਆਂ ਦੁਸ਼ਮਣ ਦੇ ਇਰਾਦਿਆਂ ਨੂੰ ਨਾਕਾਮ ਕਰਨ ਲਈ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸਹਿਯੋਗ ਮੰਗਿਆ। ਇਨ੍ਹਾਂ ਮੀਟਿੰਗਾਂ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਉਨ੍ਹਾਂ ਦਾ ਹੱਲ ਕਰਨ ਦਾ ਨਿਰਦੇਸ਼ ਦਿੱਤੇ।