ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਕਰਨ ਦੀ ਕੀਤੀ ਹਦਾਇਤ
ਤਰਨ ਤਾਰਨ, 25 ਜਨਵਰੀ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਵੈਕਸੀਨ ਸੰਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਹੋਈ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਸਟੇਟ ਵੱਲੋਂ ਦਿੱਤੇ ਗਏ ਟੀਚੇ ਨੂੰ ਮੁੱਖ ਰੱਖਦੇ ਹੋਏ ਅਤੇ ਪੰਜਾਬ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਆਪਣੇ-ਆਪਣੇ ਖੇਤਰ ਵਿੱਚ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਰੋਨਾ ਵਾਇਰਸ ਪਾਜ਼ੇਟਿਵ ਆਉਂਦਾ ਹੈ ਤਾਂ ਉਸੀ ਸਮੇਂ ਰੈਪਿਡ ਰਿਸਪੋਸ ਟੀਮ ਵੱਲੋਂ ਉਸ ਪੋਜ਼ਟਿਵ ਮਰੀਜ਼ ਦੇ ਸੰਪਰਕ ਲੱਭ ਕੇ ਉਨ੍ਹਾਂ ਦੇ ਟੈਸਟ ਕਰਵਾਏ ਜਾਣਗੇ ਅਤੇ ਰੈਪਿਡ ਰਿਸਪੌਂਸ ਟੀਮ ਵੱਲੋਂ ਘਰ ਵਿੱਚ ਇਕਾਂਤਵਾਸ ਮਰੀਜ਼ ਦੀ ਹਫ਼ਤੇ ਵਿੱਚ ਤਿੰਨ ਵਾਰ ਦੇਖ਼ਭਾਲ ਕੀਤੀ ਜਾਵੇਗੀ ਅਤੇ ਰੋਜ਼ਾਨਾ ਫੋਨ ਤੇ ਸੰਪਰਕ ਕੀਤਾ ਜਾਵੇਗਾ ।
ਕੋਵਿਡ-19 ਵੈਕਸੀਨ ਸੰਬੰਧੀ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਅਜੇ ਤੱਕ ਕੋਰੋਨਾ ਵੈਕਸੀਨ ਦਾ ਟੀਕਾਕਰਨ ਨਹੀਂ ਕਰਵਾਇਆ, ਉਹ ਅੱਗੇ ਹੋ ਕੇ ਕੋਰੋਨਾ ਵੈਕਸੀਨ ਜਰੂਰ ਲਗਵਾਉਣ ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਜੇ ਤੱਕ ਜ਼ਿਲ੍ਹੇ ਵਿੱਚ 6173 ਫਰੰਟ ਲਾਈਨ ਵਰਕਰਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਉਪਰੰਤ ਵੀ ਪੰਜ ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਕੀਤੀ ਜਾਵੇ , ਸਹੀ ਢੰਗ ਨਾਲ ਮਾਸਕ ਪਹਿਣੋ, ਸਾਬਣ ਅਤੇ ਪਾਣੀ ਨਾਲ ਸਮੇਂ-ਸਮੇਂ ‘ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟੋ-ਘੱਟ 2 ਗਜ਼ ਦੀ ਸਰੀਰਕ ਦੂਰੀ ਬਣਾ ਕੇ ਰੱਖੋ , ਜੇਕਰ ਕੋਈ ਲੱਛਣ ਸਾਹਮਣੇ ਆਉਂਦੇ ਹਾਂ ਤਾਂ ਤੁਰੰਤ ਖੁਦ ਨੂੰ ਵੱਖਰਾ ਕਰੋ, ਜੇਕਰ ਤੁਹਾਨੂੰ ਕੋਈ ਲੱਛਣ ਹੋਵੇ ਤਾਂ ਆਪਣਾ ਟੈੱਸਟ ਕਰਵਾਉ ।
ਇਸ ਮੌਕੇ ‘ਤੇ ਸਮੂਹ ਸੀਨੀਅਰ ਮੈਂਡੀਕਲ ਅਫਸਰ, ਸਮੂਹ ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਤੋਂ ਆਏ ਉਨ੍ਹਾਂ ਦੇ ਮੁਖੀ ਅਤੇ ਜ਼ਿਲ੍ਹਾ ਟਾਸਕ ਫੋਰਸ ਦੇ ਸਾਰੇ ਮੈਂਬਰ ਮੌਜੂਦ ਸਨ ।