ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

SBS Nagar kisan mandi
*ਸੁਚੱਜੀ ਖ਼ਰੀਦ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
*ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਕੀਤੀ ਅਪੀਲ
*ਹੁਣ ਤੱਕ ਜ਼ਿਲੇ ਵਿਚ 14044 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
ਨਵਾਂਸ਼ਹਿਰ, 2 ਅਕਤੂਬਰ :
ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਉਨਾਂ ਕੋਵਿਡ ਸਬੰਧੀ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਅਤੇ ਸੁਰੱਖਿਆ ਉਪਾਵਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਖ਼ਰੀਦ ਕੇਂਦਰਾਂ ਵਿਚ ਸੈਨੀਟਾਈਜ਼ੇਸ਼ਨ ਮੁਹਿੰਮ ਚਲਾਉਣ ਤੋਂ ਇਲਾਵਾ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ, ਜਿਵੇਂ ਕਿ ਸਾਫ਼-ਸਫ਼ਾਈ ਰੱਖਣ, ਹੱਥ ਧੋਣ, ਆਪਸੀ ਦੂਰੀ ਬਰਕਰਾਰ ਰੱਖਣ ਅਤੇ ਮਾਸਕ ਪਹਿਨਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫਟਿੰਗ ਅਤੇ ਅਦਾਇਗੀ ਨਾਲੋ-ਨਾਲ ਕਰਨ ਸਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਅਤੇ ਪਰਾਲੀ ਨੂੰ ਸਾੜਨ ਤੋਂ ਪਰਹੇਜ਼ ਕਰਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਜ਼ਿਲੇ ਵਿਚ 373350 ਮੀਟਿ੍ਰਕ ਟਨ ਝੋਨੇ ਦੀ ਆਮਦ ਦੀ ਉਮੀਦ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 19012 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 14044 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 5527 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 3835 ਮੀਟਿ੍ਰਕ ਟਨ, ਪਨਸਪ ਵੱਲੋਂ 3300, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 131 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 304 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਡੀ. ਐਫ. ਐਸ. ਸੀ ਰਾਜੇਸ਼ ਭਾਸਕਰ, ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਤੇ ਹੋਰ ਹਾਜ਼ਰ ਸਨ।
Spread the love