ਨਵਾਂਸ਼ਹਿਰ, 24 ਸਤੰਬਰ :
ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਸ਼ਾ ਮੁਕਤ ਅਭਿਆਨ ਕਮੇਟੀ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਰਾਂ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਜਾਗਰੂਕਤਾ ਅਭਿਆਨ ਨੂੰ ਅਕਤੂਬਰ ਤੋਂ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਦੀ ਹੁਣ ਤੱਕ ਦੀ ਕਾਰਵਾਈ ਦੀ ਸਮੀਖਿਆ ਕੀਤੀ ਗਈ, ਜਿਨਾਂ ਵਿਚ ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼ਾਮਿਲ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਇਕ ਬਹੁ-ਉਦੇਸ਼ੀ ਜਾਗਰੂਕਤਾ ਮੁਹਿੰਮ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਬਚਾਉਣਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰ ਕੇ ਨੌਜਵਾਨ ਪੀੜੀ ਨੂੰ ਨਸ਼ੇ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਉਥੇ ਉਨਾਂ ਨੂੰ ਵੱਖ-ਵੱਖ ਤਰਾਂ ਦੇ ਰੋਜ਼ਗਾਰ ਮੌਕਿਆਂ ਬਾਰੇ ਜਾਣਕਾਰੀ ਦੇੇ ਕੇ ਇਨਾਂ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਯਕੀਨੀ ਬਣਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਜ਼ਿਲਾ ਸਿੱਖਿਆ ਅਫ਼ਸਰ (ਸ) ਸੁਸ਼ੀਲ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਤੇ ਹੋਰ ਅਧਿਕਾਰੀ ਹਾਜ਼ਰ ਸਨ।