ਡਿਪਟੀ ਕਮਿਸ਼ਨਰ ਵੱਲੋਂ ਬਲਾਕ ਕੋਟਕਪੂਰਾ ਦੇ ਸਰਪੰਚਾਂ ਨਾਲ ਵਿਸ਼ੇਸ਼ ਮੀਟਿੰਗ

ਸਰਪੰਚਾਂ/ਪੰਚਾਇਤਾਂ ਨੂੰ ਕਰੋਨਾ ਤੋਂ ਬਚਾਅ ਸਬੰਧੀ ਪਿੰਡਾਂ ਵਿੱਚ ਟੈਸਟਿੰਗ, ਟੀਕਾਕਰਨ ਅਤੇ ਜਾਗਰੂਕਤਾ ਮੁਹਿੰਮ ਤੇਜ਼ ਕਰਨ ਦੀ ਅਪੀਲ
100 ਪ੍ਰਤੀਸ਼ਤ ਟੀਕਾਕਰਨ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ: ਸਹੋਤਾ
ਕੋਟਕਪੂਰਾ / (ਫ਼ਰੀਦਕੋਟ) 20 ਮਈ , 2021 – ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਕਰੋਨਾ ਦੇ ਪ੍ਰਕੋਪ ਨੂੰ ਰੋਕਣ, ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਪਿੰਡਾਂ ਵਿੱਚ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਅਤੇ ਇਕਾਂਤਵਾਸ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਟਰੈਕਿੰਗ ਤੇ ਇਲਾਜ ਆਦਿ ਲਈ ਪਿੰਡਾਂ ਦੀਆਂ ਪੰਚਾਇਤਾਂ/ਯੂਥ ਕਲੱਬਾਂ ਤੇ ਪਿੰਡ ਵਾਸੀਆਂ ਦਾ ਸਹਿਯੋਗ ਲੈਣ ਲਈ ਜ਼ਿਲ੍ਹੇ ਦੇ ਸਰਪੰਚਾਂ ਨਾਲ ਪੜਾਅ ਵਾਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਅੱਜ ਕੋਟਕਪੂਰਾ ਵਿਖੇ ਬਲਾਕ ਕੋਟਕਪੂਰਾ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਕਰੋਨਾ ਖਿਲਾਫ ਜੰਗ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਨੇ ਸਰਪੰਚਾਂ ਨੂੰ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ ਅਤੇ ਹੁਣ ਅਸੀਂ ਪੂਰੀ ਚੌਕਸੀ ਤੇ ਮੁਸਤੈਦੀ ਨਾਲ ਜਿੱਥੇ ਪੰਚਾਇਤਾਂ, ਯੂਥ ਕਲੱਬਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕਾਂ ਨੂੰ ਜਾਗਰੂਕ ਕਰਨ, ਜਿਵੇਂ ਕਿ ਖੰਘ, ਜ਼ੁਕਾਮ, ਬੁਖਾਰ ਆਦਿ ਦੇ ਲੱਛਣ ਆਉਣ ਤੇ ਤੁਰੰਤ ਕਰੋਨਾ ਟੈਸਟ ਕਰਵਾਉਣ। ਪਾਜ਼ੀਟਿਵ ਆਉਣ ਦੀ ਸੂਰਤ ਵਿਚ ਡਾਕਟਰ ਦੀ ਸਲਾਹ ਨਾਲ ਘਰ ਵਿਚ ਇਕਾਂਤਵਾਸ ਰਹਿਣ ਅਤੇ ਸਾਹ ਲੈਣ ਵਿੱਚ ਜ਼ਿਆਦਾ ਪ੍ਰੇਸ਼ਾਨੀ ਆਉਣ ਤੇ ਐੱਲ ਟੂ ਇਲਾਜ ਦੀ ਸੁਵਿਧਾ ਪ੍ਰਾਪਤ ਕਰਨ ਪ੍ਰਤੀ ਵੱਧ ਤੋਂ ਵੱਧ ਜਾਣਕਾਰੀ ਦੇਣਾ ਹੈ। ਉਨ੍ਹਾਂ ਸਰਪੰਚਾਂ ਨੂੰ ਕਿਹਾ ਕਿ ਉਹ ਪਿੰਡਾਂ ਵਿੱਚ ਘਰ ਘਰ ਜਾ ਕੇ ਮਾਸਕ ਪਾਉਣ, ਦੋ ਗਜ਼ ਦੀ ਸਮਾਜਿਕ ਦੂਰੀ, ਲੋੜ ਤੋਂ ਬਿਨਾਂ ਘਰੋਂ ਨਾ ਨਿਕਲਣ, ਸਮੇਂ ਸਮੇਂ ਤੇ ਹੱਥ ਧੋਣ ਆਦਿ ਸਾਵਧਾਨੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਵਿੱਚ ਪਿੰਡਾਂ ਦੇ ਸਰਪੰਚ, ਸਾਬਕਾ ਫੌਜੀਆਂ ਦਾ ਵੀ ਸਹਿਯੋਗ ਲੈਣ।
Spread the love