ਕਿਹਾ, ਸਮੁੱਚੇ ਕੇਸਾਂ ਦਾ ਵਿਭਾਗੀ ਨਿਯਮਾਂ ਅਨੁਸਾਰ ਜਲਦੀ ਤੋਂ ਜਲਦੀ ਕੀਤਾ ਜਾਵੇ ਨਿਪਟਾਰਾ
ਫਾਜ਼ਿਲਕਾ 29 ਅਗਸਤ 2024
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੌਕੇ ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ ਅਤੇ ਐਸਡੀਐਮ ਜਲਾਲਾਬਾਦ ਸ. ਬਲਕਰਨ ਸਿੰਘ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ।ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ ਵਿੱਚ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸੇ ਤਰ੍ਹਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਉਹਨਾਂ ਕਿਹਾ ਕਿ ਸਮੁੱਚੇ ਕੇਸਾਂ ਦਾ ਵਿਭਾਗੀ ਹਦਾਇਤਾਂ ਮੁਤਾਬਕ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਹਾਇਕ ਮੈਨੇਜਰ ਪੰਜਾਬ ਲੈਂਡ ਰਿਕਾਰਡ ਸੋਸਾਇਟੀ ਅਸ਼ਵਨੀ ਕੁਮਾਰ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।