ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

 

ਡਾਕਟਰ ਦੁਆਰਾ ਲਿਖੀ ਹਰ ਦਵਾਈ ਹਸਪਤਾਲ ਦੇ ਅੰਦਰ ਹੀ ਮਿਲੇ : ਡਾ. ਸੰਗੀਤਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ  ਨਗਰ, 27 ਫ਼ਰਵਰੀ 2025

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ ਅਤੇ ਜੇ ਕੋਈ ਦਵਾਈ ਬਾਹਰ ਨਿੱਜੀ ਦੁਕਾਨ ਵਿਖੇ ਉਪਲਬਧ ਹੈ ਤਾਂ ਹਸਪਤਾਲ ਇੰਚਾਰਜ ਦੀ ਜ਼ਿੰਮੇਵਾਰੀ ਹੈ ਕਿ ਉਹ ਮਰੀਜ਼ ਲਈ ਸਬੰਧਤ ਦਵਾਈ ਉਪਲਬਧ ਕਰਵਾਏ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਹਸਪਤਾਲ ਵਿਚ ਸਾਫ਼-ਸਫ਼ਾਈ ਦਾ ਨਿਰੀਖਣ ਕੀਤਾ ਅਤੇ ਹਦਾਇਤਾਂ ਦਿਤੀਆਂ ਕਿ ਸਮੁੱਚੇ ਹਸਪਤਾਲ ਨੂੰ ਪੂਰੀ ਤਰ੍ਹਾਂ ਸਾਫ਼-ਸੁਥਰਾ ਰਖਿਆ ਜਾਵੇ ਤਾਕਿ ਮਰੀਜ਼ਾਂ ਨੂੰ ਚੰਗਾ ਮਾਹੌਲ ਦਿਤਾ ਜਾ ਸਕੇ। ਉਨ੍ਹਾਂ ਹਸਪਤਾਲ ਵਿਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ।  ਸਿਵਲ ਸਰਜਨ ਨੇ ਹਦਾਇਤ ਕੀਤੀ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਡਾ. ਜੈਨ ਨੇ ਸੂਬਾਈ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਤੇ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ।

ਫ਼ੋਟੋ ਕੈਪਸ਼ਨ : ਹਸਪਤਾਲ ਦਾ ਦੌਰਾ ਕਰਨ ਸਮੇਂ ਸਿਵਲ ਸਰਜਨ ਡਾ. ਜੈਨ ਅਤੇ ਹੋਰ ਅਧਿਕਾਰੀ।