ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ
ਤਰਨ ਤਾਰਨ, 15 ਅਗਸਤ 2021
ਦੇਸ਼ ਦੀ ਅਜ਼ਾਦੀ ਦਾ 75ਵਾਂ ਅਜ਼ਾਦੀ ਦਿਹਾੜਾ ਅੱਜ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਅਦਾ ਕੀਤੀ। ਕੌਮੀ ਤਰਾਨੇ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ।ਇਸ ਮੌਕੇ ਮੁੱਖ ਪਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਰਮਨਜੀਤ ਸਿੰਘ ਸਿੱਕੀ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਲੇ, ਏ. ਡੀ. ਜੀ. ਪੀ. ਸ੍ਰੀ ਜਤਿੰਦਰ ਜੈਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਆ ਸੂਦ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨੇ ਕਿਹਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਧਰਤੀ `ਤੇ ਅੱਜ ਅਸੀਂ 75ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।
ਉਹਨਾਂ ਕਿਹਾ ਕਿ ਭਾਰਤ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿਚੋਂ ਮੁਕਤ ਕਰਵਾਉਣ ਲਈ ਪੰਜਾਬੀਆਂ ਨੇ ਵੱਡਮੁੱਲਾ ਯੋਗਦਾਨ ਪਾਇਆ ਹੈ। ਪੰਜਾਬ ਦੀ ਧਰਤੀ ਦਾ ਇਤਿਹਾਸ, ਖੂਨੀ ਸਾਕਿਆਂ ਦਾ ਇਤਿਹਾਸ ਹੈ। ਬਰਤਾਨਵੀ ਸਰਕਾਰ ਦੇ ਖਿਲਾਫ ਸੂਰਬੀਰਤਾ ਤੇ ਦਲੇਰੀ ਨਾਲ ਲੜਦਿਆਂ ਅਨੇਕਾਂ ਹੀ ਪੰਜਾਬੀ ਸੂਰਬੀਰ ਸ਼ਹੀਦੀਆਂ ਪਾ ਗਏ। ਭਾਰਤ ਦੀ ਆਜ਼ਾਦੀ ਦੇ ਅੰਦੋਲਨ ਵਿਚ ਅਣ-ਗਣਿਤ ਲਹਿਰਾਂ ਨੇ ਜਨਮ ਲੈ ਕੇ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ ਅਤੇ ਲਾਲਾ ਹਰਦਿਆਲ ਵਰਗੇ ਸੂਰਮਿਆਂ ਨੂੰ ਪੈਦਾ ਕੀਤਾ ਹੈ।
ਉਹਨਾਂ ਕਿਹਾ ਕਿ ਆਜ਼ਾਦੀ ਪ੍ਰਾਪਤੀ ਲਈ ਜਿੰਨੀਆਂ ਵੀ ਲਹਿਰਾਂ ਚੱਲੀਆਂ ਅਤੇ ਜਿਹੜੇ ਜਿਹੜੇ ਸੂਰਮਿਆਂ ਤੇ ਯੋਧਿਆਂ ਨੇ ਸ਼ਹੀਦੀ ਦਾ ਜਾਮ ਪੀਤਾ, ਉਨ੍ਹਾਂ ਸਾਰੇ ਸੂਰਬੀਰਾਂ ਨੂੰ ਵੀ ਮੈਂ ਅੱਜ ਸਿਜਦਾ ਕਰਦਾ ਹਾਂ। ਸਾਡੇ ਪੰਜਾਬ ਉੱਤੇ ਗੁਰੂਆਂ, ਪੀਰਾਂ ਅਤੇ ਪੈਗੰਬਰਾਂ ਦਾ ਆਸ਼ੀਰਵਾਦ ਹੈ। ਜਿਸ ਧਰਤੀ ‘ਤੇ ਮੈਂ ਖੜ੍ਹਾਂ ਹਾਂ, ਇਸ ਨੂੰ ਵੀ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਇਆ ਗਿਆ ਸੀ।ਇਸ ਧਰਤੀ ਨੇ ਦੇਸ਼ ਦੀ ਆਜ਼ਾਦੀ ਵਿਚ ਵੀ ਅਹਿਮ ਯੋਗਦਾਨ ਪਾਇਆ ਹੈ।
ਆਪਣੇ ਸੰਬੋਧਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦਾ ਖੇਤਰਫਲ ਭਾਰਤ ਦੇ ਕੁੱਲ ਖੇਤਰ ਦਾ ਸਿਰਫ 1.6 ਫੀਸਦੀ ਬਣਦਾ ਹੈ, ਪਰ ਪੰਜਾਬੀਆਂ ਨੇ ਹਰ ਖੇਤਰ ਵਿਚ ਮੋਹਰੀ ਰਹਿ ਕੇ ਬਹੁਤ ਸਾਰੀਆਂ ਮੱਲਾਂ ਮਾਰੀਆਂ ਹਨ।ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ। ਕਾਲੇ ਪਾਣੀ ਵਰਗੀਆਂ ਸਖਤ ਸਜ਼ਾਵਾਂ ਵੀ ਪੰਜਾਬੀਆਂ ਨੇ ਹੱਸ-ਹੱਸ ਕੇ ਕੱਟੀਆਂ।ਮੈਂ ਮਾਣ ਨਾਲ ਆਖ ਸਕਦਾ ਹਾਂ ਕਿ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਸਾਡੇ ਮਹਾਨ ਸ਼ਹੀਦਾਂ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਿਤਾ ਰਹੇ ਹਾਂ।
ਸ੍ਰੀ ਸਰਕਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਕਰੋਨਾ ਮਹਾਂਮਾਰੀ ਕਰਕੇ ਅਸੀਂ ਆਜ਼ਾਦੀ ਦਿਵਸ ਸਮਾਗਮ ਨੂੰ ਬਹੁਤ ਸੀਮਤ ਰੂਪ ਵਿਚ ਮਨਾ ਰਹੇ ਹਾਂ, ਪਰ ਇਸ ਦੇ ਬਾਵਜੂਦ ਸਾਡੇ ਪੰਜਾਬੀ ਕਿਸਾਨਾਂ ਨਾਲ ਸਾਡੇ ਸਭਨਾਂ ਦੀਆਂ ਚਿੰਤਾਵਾਂ ਜੁੜੀਆਂ ਹੋਈਆਂ ਹਨ, ਜੋ ਦਿੱਲੀ ਦੀਆਂ ਸਰਹੱਦਾਂ ਉਤੇ ਪਿਛਲੇ ਸਾਲ ਦੇ ਨਵੰਬਰ ਮਹੀਨੇ ਤੋਂ ਰੋਸ ਧਰਨੇ ਉੱਤੇ ਬੈਠੇ ਹਨ।
ਉਹਨਾਂ ਕਿਹਾ ਕਿ ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰ ਦਾ ਵਿਸ਼ਾ ਹੈ, ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖਲ ਦਿੰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾ ਮਾਹੌਲ ਬਣਾਇਆ ਪਿਆ ਹੈ।ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਅੱਜ ਸਾਰਾ ਭਾਰਤ ਉਨ੍ਹਾਂ ਦਾ ਸਾਥ ਦੇ ਰਿਹਾ ਹੈ, ਪਰ ਕੇਂਦਰ ਸਰਕਾਰ ਸਾਡੇ ਕਿਸਾਨ ਭਰਾਵਾਂ ਨਾਲ ਬੇਗਾਨਗੀ ਵਾਲਾ ਵਰਤਾਓ ਕਰ ਰਹੀ ਹੈ।
ਉਹਨਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਹੈ ਕਿ ਇਸ ਸੰਘਰਸ਼ ਵਿਚ ਸੈਂਕੜੇ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਕਿਸਾਨੀ ਸੰਘਰਸ਼ ਦੌਰਾਨ ਕੁਰਬਾਨ ਹੋਏ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਾ ਹੋਇਆ ਮੈਂ ਕਿਸਾਨਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਾ ਹਾਂ ਅਤੇ ਯਕੀਨ ਦਿਵਾਉਂਦਾ ਹਾਂ ਕਿ ਜਦੋਂ ਤੱਕ ਕੇਂਦਰ ਸਰਕਾਰ ਝੁਕ ਨਹੀਂ ਜਾਂਦੀ ਅਤੇ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲੈਂਦੀ, ਉਦੋਂ ਤੱਕ ਸਾਡੀ ਸਰਕਾਰ ਕਿਸਾਨਾਂ ਦਾ ਡਟਵਾਂ ਸਾਥ ਦਿੰਦੀ ਰਹੇਗੀ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਦਿਆਂ ‘ਕਰਜ਼ਾ ਮੁਆਫੀ ਸਕੀਮ’ ਲਿਆਂਦੀ ਗਈ, ਜਿਸ ਤਹਿਤ ਵੱਖ-ਵੱਖ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ ਛੇ ਲੱਖ ਦੇ ਕਰੀਬ ਕਿਸਾਨਾਂ ਦਾ 4600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ।ਇਸ ਵਿੱਚੋਂ ਤਰਨਤਾਰਨ ਜ਼ਿਲ੍ਹੇ ਦੇ 22 ਹਜ਼ਾਰ 478 ਕਿਸਾਨਾਂ ਦੇ 137 ਕਰੋੜ 98 ਲੱਖ ਰੂਪਏ ਦੇ ਕਰਜ਼ੇ ਮੁਆਫ ਕੀਤੇ ਗਏ ਹਨ ਅਤੇ ਜਲਦ ਹੀ 411 ਬੇਜ਼ਮੀਨੇ ਕਿਸਾਨਾਂ ਦਾ 1 ਕਰੋੜ 9 ਲੱਖ 26 ਹਜ਼ਾਰ ਰੂਪਏ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਵਿਚਲੇ 503 ਪ੍ਰਾਇਮਰੀ ਅਤੇ 267 ਅੱਪਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਚੁੱਕਾ ਹੈ। ਤਰਨਤਾਰਨ ਜ਼ਿਲ੍ਹੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹੁਣ ਤੱਕ 184 ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਚੁੱਕੇ ਹਨ ਅਤੇ 25 ਹਜ਼ਾਰ ਤੋਂ ਜ਼ਿਆਦਾ ਮੁੰਡੇ ਕੁੜੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ, ਜੋ ਕਿ ਕਾਬਿਲੇਤਾਰੀਫ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਦੋ ਆਕਸੀਜਨ ਪਲਾਂਟ ਸੈੱਟਅੱਪ ਕੀਤੇ ਗਏ ਹਨ । ਇੱਕ ਆਕਸੀਜਨ ਪਲਾਂਟ ਸਿਵਲ ਹਸਪਤਾਲ ਤਰਨ ਤਾਰਨ ਅਤੇ ਇੱਕ ਆਕਸੀਜਨ ਪਲਾਂਟ ਸਬ-ਡਵੀਜ਼ਨਲ ਹਸਪਤਾਲ ਪੱਟੀ ਵਿਖੇ ਸਥਾਪਿਤ ਕੀਤਾ ਗਿਆ ਹੈ।ਤੀਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਬੱਚਿਆਂ ਲਈ ਸਪੈਸ਼ਲ ਕੋਵਿਡ ਵਾਰਡਾਂ ਬਣਾਈਆਂ ਗਈਆਂ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਡਾ ਸੂਬਾ ਜਿੱਥੇ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖ ਰਿਹਾ ਹੈ, ਉਥੇ ਹਰ ਜ਼ਿਲ੍ਹੇ ਦਾ ਸਰਵ ਪੱਖੀ ਵਿਕਾਸ ਹੋਇਆ ਹੈ। ਸਾਡੀ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚੁੱਕੇ ਕਦਮ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ, ਨਾਗਰਿਕ ਸੇਵਾਵਾਂ ਅਤੇ ਵੀ. ਆਈ. ਪੀ. ਕਲਚਰ ਖਤਮ ਕਰਨ ਵਿਚ ਨਿਭਾਈ ਭੂਮਿਕਾ ਦਾ ਸਭ ਵਰਗਾਂ ਨੇ ਸਵਾਗਤ ਕੀਤਾ ਹੈ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਬੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ।ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾ ਕੈਬਨਿਟ ਮੰਤਰੀ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਥਾਨਕ ਰੈਸਟ ਹਾਊਸ ਤੋਂ ਇੱਕ ਵਿਸ਼ੇਸ ਜਾਗਰੂਕਤਾ ਵੈਨ ਨੂੰ ਵੀ ਹਰੀ ਝੰਡੀ ਦੇ ਕੇ ਰਾਵਾਨਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਗਤਾਰ ਸਿੰਘ ਬੁਰਜ, ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀਆਂ ਤੇ ਮੋਹਤਬਰ ਵਿਅਕਤੀਆਂ ਹਾਜ਼ਰ ਸਨ।