*ਜ਼ਿਲ੍ਹਾ ਰੱਖਿਆ ਸੇਵਾਵਾ ਭਲਾਈ ਦਫ਼ਤਰ ਵੱਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦੇ ਲਗਾਇਆ ਝੰਡਾ
ਬਰਨਾਲਾ, 7 ਦਸੰਬਰ
ਦੇਸ਼ ਦੀ ਸੁਰੱਖਿਆ ਲਈ ਬਹਾਦਰ ਫੌਜੀ ਜਵਾਨਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਇਆ ਨਹੀਂ ਜਾ ਸਕਦਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਹਰ ਸਾਲ ਮਨਾਏ ਜਾਂਦੇ ਹਥਿਆਰਬੰਦ ਸੈਨਾ ਝੰਡਾ ਦਿਵਸ ਸਮਾਗਮ ਮੌਕੇ ਕੀਤਾ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਬਰਨਾਲਾ ਦੇ ਸੁਪਰਡੈਂਟ ਰਵਿੰਦਰ ਸਿੰਘ ਵੱਲੋਂ ਏਡੀਸੀ ਸ੍ਰੀ ਅਦਿੱਤਿਆ ਡੇਚਲਵਾਲ ਦੇ ਝੰਡਾ ਲਾਇਆ ਗਿਆ। ਇਸ ਮੌਕੇ ਸ੍ਰੀ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੀ ਕੁਰਬਾਨੀਆਂ ਨੂੰ ਹਮੇਸ਼ਾ ਦਿਲ ਅੰਦਰ ਵਸਾ ਕੇ ਰੱਖੀਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਬੰਧੀ ਤਿਆਰ ਕੀਤੇ ਗਏ ਸਾਲਾਨਾ ਕਿਤਾਬਚੇ ‘ਰਣਜੋਧੇ’ ਦੀ ਘੁੰਡ ਚੁਕਾਈ ਵੀ ਕੀਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸ਼ਹੀਦ ਸੈਨਿਕਾਂ ਨੂੰ ਸਮਰਪਿਤ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਤੇ ਵਿਧਵਾਵਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ।
ਇਸ ਮੌਕੇ ਇੰਜ. ਗੁਰਜਿੰਦਰ ਸਿੰਘ ਸਿੱਧੂ, ਕੈਪਟਨ ਸੁਖਪਾਲ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।