ਪੁਲਿਸ ਨੇ 886 ਦੇ ਕਰਵਾਏ ਕੋਵਿਡ ਟੈਸਟ, 58 ਦੇ ਕੀਤੇ ਚਲਾਨ
ਨਵਾਂਸ਼ਹਿਰ, 28 ਮਈ 2021
ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਅੱਜ ਇਕ ਮੁਕੱਦਮਾ ਦਰਜ ਕੀਤਾ ਗਿਆ ਜਦਕਿ ਬਿਨਾਂ ਮਾਸਕ ਵਾਲੇ 886 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 58 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪਿੰਡ ਦੌਲਤਪੁਰ ਵਿਖੇ ਨਾਈਟ ਕਰਫ਼ਿਊ ਦੌਰਾਨ ਕਰਿਆਨੇ ਦੀ ਦੁਕਾਨ ਖੋਲਣ ਵਾਲੇ ਨਵਪ੍ਰੀਤ ਸਿੰਘ ਉਰਫ਼ ਮਨਦੀਪ ਪੁੱਤਰ ਹਰਮਿੰਦਰ ਸਿੰਘ ਵਾਸੀ ਦੌਲਤਪੁਰ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 886 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 58 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।