ਝੋਨੇ ਦੀ ਪਰਾਲੀ ਨੂੰ ਖੇਤਾਂ ‘ਚ ਵਾਹ ਕੇ ਮਿਲਿਆ ਵੱਧ ਝਾੜ ਤੇ ਖਰਚੇ ‘ਚ ਆਈ ਕਮੀ : ਕੁਲਵੰਤ ਸਿੰਘ
ਰਸਾਇਣਕ ਖਾਦਾਂ ਦੀ ਵਰਤੋਂ ਘਟੀ ਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਚ ਹੋਇਆ ਵਾਧਾ
ਕਿਸਾਨਾਂ ਵੱਲੋਂ ਮਿਲੇ ਸਹਿਯੋਗ ਸਕਦਾ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ ਸਾਹਮਣੇ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 12 ਸਤੰਬਰ 2021
ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਅਤੇ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਨ ਲਈ ਸਮੇਂ-ਸਮੇਂ ਸਿਰ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਤਹਿਤ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਵਿੱਚ ਜਾਗਰੂਕ ਕੈਂਪ, ਪ੍ਰਦਰਸ਼ਨੀ ਪਲਾਂਟ ਅਤੇ ਵਾਲ ਪੇਂਟਿੰਗਾਂ ਰਾਹੀਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਬਹੁਤੇ ਕਿਸਾਨ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਲੱਗ ਗਏ ਹਨ।
ਇਸੇ ਤਰ੍ਹਾਂ ਦੇ ਅਗਾਂਹਵਧੂ ਕਿਸਾਨ ਪਿੰਡ ਜਨਸੂਈ ਦੇ ਕੁਲਵੰਤ ਸਿੰਘ ਹਨ, ਜੋ ਆਪਣੀ ਮਾਲਕੀ ਅਤੇ ਠੇਕੇ ਦੀ ਜ਼ਮੀਨ ਨੂੰ ਮਿਲਾਕੇ ਲਗਭਗ 30 ਏਕੜ ‘ਚ ਪਿਛਲੇ ਤਿੰਨ ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਾ ਕੇ ਸਫ਼ਲਤਾਪੂਰਵਕ ਖੇਤੀ ਕਰ ਰਹੇ ਹਨ। ਉਨ੍ਹਾਂ ਆਪਣਾ ਤਜ਼ੁਰਬਾ ਸਾਂਝਾ ਕਰਦਿਆ ਦੱਸਿਆ ਕਿ ਉਹ ਸੁਪਰ ਸੀਡਰ, ਜੀਰੋ ਡਰਿੱਲ, ਰੋਟਾਵੇਟਰ, ਹੈਰੋ ਅਤੇ ਐਮ.ਬੀ ਪਲਾਉ ਵਰਗੀਆਂ ਨਵੀਂਆਂ ਵਿਕਸਤ ਕੀਤੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦੀ ਰਹਿੰਦ ਖੂੰਹਦ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ ‘ਤੇ 50 ਫ਼ੀਸਦੀ ਸਬਸਿਡੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਕੁਲਵੰਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਮਿਲਾਉਣ ਨਾਲ ਫ਼ਸਲ ਦੇ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਰਸਾਇਣਿਕ ਖਾਦਾਂ, ਸਪੇਰਿਆਂ ਅਤੇ ਲੇਬਰ ‘ਤੇ ਹੋਣ ਵਾਲੇ ਵਾਧੂ ਖ਼ਰਚਿਆਂ ਵਿੱਚ ਕਾਫ਼ੀ ਕਮੀ ਆਈ ਹੈ ਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਹੈਰਾਨੀਜਨਕ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਨਾਲ ਉਹ ਮੱਝਾਂ ਗਾਵਾਂ ਪਾਲਣ ਦਾ ਸਹਾਇਕ ਧੰਦਾ ਕਰਕੇ ਚੰਗੀ ਆਮਦਨ ਕਮਾ ਰਿਹਾ ਹੈ ।
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾਂਭ-ਸੰਭਾਲ ਲਈ ਜਾਗਰੂਕ ਕਰਨ ਸਬੰਧੀ ਵਿਭਾਗ ਵੱਲੋਂ ਵੱਡੇ ਪੱਧਰ ਤੇ ਵਿੱਢੀ ਮੁਹਿੰਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਣ ਦੂਸ਼ਿਤ ਹੁੰਦਾ ਹੈ। ਕਈ ਵਾਰ ਪਰਾਲੀ ਨਾਲ ਲੱਗੇ ਧੂੰਏਂ ਦੀ ਲਪੇਟ ਵਿੱਚ ਆਉਣ ਨਾਲ ਕੀਮਤੀ ਜਾਨਾਂ ਵੀ ਜਾਂਦੀਆਂ ਹਨ। ਵਿਭਾਗ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਵੱਖ-ਵੱਖ ਖੇਤੀ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂਕਿ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ। ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤਾਂ ਵਿੱਚ ਹੀ ਮਿਲਾਉਣ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਦੀ ਇਸ ਜ਼ਰਖੇਜ਼ ਧਰਤੀ ਨੂੰ ਬਚਾਇਆ ਜਾ ਸਕੇ।
ਕੈਪਸ਼ਨ : ਕੁਲਵੰਤ ਸਿੰਘ ਆਪਣੇ ਖੇਤਾਂ ‘ਚ ਹੋਰਨਾਂ ਕਿਸਾਨਾਂ ਨੂੰ ਆਪਣੀ ਫ਼ਸਲਾਂ ਦਿਖਾਉਂਦਾ ਹੋਇਆ।