ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਕਣਕ ਦੀ ਬਿਜਾਈ ਸੁਪਰ ਸੀਡਰ ਮਸ਼ੀਨ ਨਾਲ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ

ਰੂਪਨਗਰ, 14 ਨਵੰਬਰ:
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ।
ਪਿੰਡ ਸੋਲਖੀਆਂ ਵਿਖੇ ਸੁਪਰ ਸੀਡਰ ਮਸ਼ੀਨ ਨਾਲ ਬੀਜੀ ਜਾ ਰਹੀ ਕਣਕ ਦੀ ਬਿਜਾਈ ਦਾ ਨਿਰੀਖਣ ਕਰਦੇ ਹੋਏ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਦੀ ਰਹਿੰਦ-ਖੂਹੰਦ ਨੂੰ ਜਲਾ ਕੇ ਖੇਤ ਸਾਫ ਕਰਨ ਦੀ ਰਿਵਾਇਤ ਕਾਫੀ ਵੱਧ ਗਈ ਹੈ। ਅਜਿਹਾ ਕਰਨ ਨਾਲ ਸਾਡੇ ਚੌਗਿਰਦੇ ਅਤੇ ਮਨੁੱਖੀ ਸਿਹਤ ਉਤੇ ਕਾਫੀ ਬੁਰੇ ਪ੍ਰਭਾਵ ਪਏ ਹਨ।
ਉਨ੍ਹਾਂ ਕਿਹਾ ਕਿ ਅਜੌਕੇ ਸਮੇਂ ਦੀ ਲੋੜ ਹੈ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਕਿਸਾਨਾਂ ਨੂੰ ਅਜਿਹੇ ਹੱਲ ਲੱਭ ਕੇ ਦਿੱਤੇ ਜਾਣ ਜਿਸ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਸਹੀ ਨਿਪਟਾਰਾ ਹੋ ਸਕੇ ਅਤੇ ਨਾਲ ਹੀ ਮਿੱਟੀ ਦੀ ਸਿਹਤ ਅਤੇ ਵਾਤਾਵਰਣ ਦਾ ਸੁਧਾਰ ਕੀਤਾ ਜਾ ਸਕੇ।
ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਕਈ ਸਾਲਾਂ ਦੀ ਜਾਂਚ ਤੋਂ ਬਾਅਦ ਅਨੇਕਾਂ ਸੁਧਾਰ ਕਰਕੇ ਸੁਪਰ ਸੀਡਰ ਨਾਂ ਦੀ ਮਸ਼ੀਨ ਵਿਕਸਿਤ ਕੀਤੀ ਗਈ ਜਿਸ ਨਾਲ ਝੋਨੇ ਦੀ ਕਟਾਈ( ਸੁਪਰ ਐਸ.ਐਮ.ਐਸ ਲੱਗੀ ਕੰਬਾਈਨ) ਤੋਂ ਬਾਅਦ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਕਿਸਾਨ ਹਰਿੰਦਰ ਸਿੰਘ ਲੰਬੜਦਾਰ ਨੇ ਦੱਸਿਆ ਕਿ ਮੈਂ ਪਿਛਲੇ ਚਾਰ ਸਾਲਾਂ ਤੋ ਪਰਾਲੀ ਨੂੰ ਅੱਗ ਨਹੀ ਲਗਾਈ, ਸੁਪਰ ਸੀਡਰ ਮਸ਼ੀਨ ਨਾਲ ਹੀ ਕਣਕ ਦੀ ਬਿਜਾਈ ਕਰਦਾ ਹਾਂ, ਮੇਰਾ ਪਿਛਲੇ ਸਾਲ ਕਣਕ ਦਾ ਵਧੀਆ ਝਾੜ ਨਿਕਲਿਆ ਸੀ। ਮੈਂ ਹੋਰ ਕਿਸਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਸਗੋ ਖੇਤ ਵਿੱਚ ਹੀ ਸਮੇਟਿਆ ਜਾਵੇ।
ਇਸ ਮੌਕੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਬੁਰਾ ਅਸਰ ਪੈਂਦਾ ਹੈ। ਇਸ ਮੌਕੇ ਵਿਭਾਗ ਦੇ ਗੁਰਪ੍ਰੀਤ ਸਿੰਘ ਅਤੇ ਕਿਸਾਨ ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।