ਪਰਾਲੀ ਪ੍ਰਬੰਧਨ: ਘਰ ਘਰ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰ ਰਿਹਾ ਹੈ ਜ਼ਿਲ੍ਹਾ ਪ੍ਰਸਾਸ਼ਨ: ਡਿਪਟੀ ਕਮਿਸ਼ਨਰ

ਬਰਨਾਲਾ, 6 ਨਵੰਬਰ 2024 

ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਹੈ।

ਇਸ ਮੁਹਿੰਮ ਤਹਿਤ ਵੱਖ ਵੱਖ ਅਧਿਕਾਰੀਆਂ ਦੀ ਨਿਗਰਾਨੀ ਵਿਚ ਹਰ ਪਿੰਡ ਵਿੱਚ ਤਾਇਨਾਤ ਟੀਮਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮੁਹਿੰਮ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਰੀ ਦੀਆਂ ਸੂਚੀਆਂ ਸਾਂਝੀਆਂ ਥਾਵਾਂ ‘ਤੇ ਚਸਪਾਂ ਕੀਤੀਆਂ ਜਾ ਰਹੀਆਂ ਹਨ, ਓਥੇ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੰਬਾਈਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕੰਬਾਈਨ ਬਿਨਾਂ ਹਾਰਵੈਸਟਰ ਤੋਂ ਬਿਨ੍ਹਾਂ ਨਾ ਚੱਲੇ। ਉਨ੍ਹਾਂ ਕਿਹਾ ਕਿ ਟੀਮਾਂ ਵਲੋਂ ਘਰ ਘਰ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਅੱਜ ਟੀਮਾਂ ਵਲੋਂ ਹੰਡਿਆਇਆ, ਕੋਠੇ ਰਜਿੰਦਰਪੁਰਾ, ਪਿੰਡ ਕਿਰਪਾਲ ਸਿੰਘ ਵਾਲਾ, ਕੈਰੇ, ਰਾਏਸਰ, ਚੌਹਾਨ ਕੇ ਖੁਰਦ, ਗੰਗਹੋਰ, ਦੀਪਗੜ੍ਹ, ਛਾਪਾ, ਧਨੇਰ, ਮਹਿਲ ਕਲਾਂ, ਕੱਟੂ, ਸਹਿਜੜਾ, ਠੀਕਰੀਵਾਲ ਨਾਈਵਾਲਾ ਰੋਡ, ਠੁੱਲੀਵਾਲ, ਸਹੋਰ, ਲੋਹਗੜ੍ਹ, ਪੰਡੋਰੀ, ਸੇਖਾ, ਗੁਰਮ, ਧਨੌਲਾ, ਮਹਿਲ ਖੁਰਦ, ਮੂਮ, ਢਿੱਲਵਾਂ ਪਟਿਆਲਾ, ਕੋਠੇ ਰਾਮਸਰ, ਖੁੱਡੀ ਕਲਾਂ, ਚੱਕ ਰੋਹੀ, ਭੈਣੀ ਮਹਿਰਾਜ, ਬਾਹਮਣੀਆਂ, ਕੋਠੇ ਸੁਰਜੀਤਪੁਰਾ, ਭੋਤਨਾ, ਸੰਧੂ ਕਲਾਂ, ਛੀਨੀਵਾਲ ਕਲਾਂ, ਸਹਿਣਾ, ਗੁੰਮਟੀ, ਟੱਲੇਵਾਲ, ਚੰਨਣਵਾਲ, ਦਰਜਨਾਂ ਪਿੰਡਾਂ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਖੇਤੀ ਲਈ ਚੰਗੇ ਖੁਰਾਕੀ ਤੱਤ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ। ਅਜਿਹੇ ਤੱਤ ਨਸ਼ਟ ਹੋਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵੱਡੀ ਢਾਹ ਲੱਗਦੀ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਆਕਸਾਈਡ, 7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਇਟ੍ਰਿਕ ਆਕਸਾਈਡ ਵਰਗੀਆਂ ਗੈਸਾਂ ਅਤੇ ਆਰਗੈਨਿਕ ਕੰਪਾਊਂਡਸ ਆਦਿ ਹਨ, ਇਹ ਗੈਸਾਂ ਵਾਤਾਵਰਣ ਦੇ ਬਦਲਾਅ ਦਾ ਕਰਨ ਬਣਦੀਆਂ ਹਨ। ਪਰਾਲੀ ਨੂੰ ਸਾੜਨ ਨਾਲ ਧੂੰਏ ਦਾ ਗੁਬਾਰ ਜਿੱਥੇ ਵਾਤਾਵਰਣ ਨੂੰ ਪਲੀਤ ਕਰਦਾ ਹੈ, ਉੱਥੇ ਵਸੋਂ ਅਤੇ ਪਸ਼ੂਆਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜੋ ਗਰਮੀ ਪੈਦਾ ਹੁੰਦੀ ਹੈ, ਉਸ ਨਾਲ ਮਿੱਟੀ ਵਿਚਲੇ ਲਾਭਦਾਇਕ ਸੂਖਮ ਜੀਵ ਜਿੱਥੇ ਨਸ਼ਟ ਹੋ ਜਾਂਦੇ ਹਨ ਉਥੇ ਹੀ ਭੂਮੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਸੜਕਾਂ ਅਤੇ ਖੇਤਾਂ ਦੁਆਲੇ ਲੱਗੇ ਰੁੱਖਾਂ ਦਾ ਨੁਕਸਾਨ ਹੁੰਦਾ ਹੈ ਅਤੇ ਸੜਕ ਹਾਦਸੇ ਵੀ ਵਾਪਰਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮੁਹਿੰਮ ਵਿੱਚ ਸਹਿਯੋਗ ਦੀ ਅਪੀਲ ਕੀਤੀ।