ਸਭਾਵਾਂ ਤੋਂ ਮੁਹਿੰਮ ਲਈ ਸਹਿਯੋਗ ਮੰਗਿਆ ਅਤੇ ਮਸਲੇ ਸੁਣੇ
ਬਰਨਾਲਾ, 23 ਸਤੰਬਰ 2024
ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਜਾਰੀ ਹੈ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਵਲੋਂ ਜ਼ਿਲ੍ਹੇ ਦੀਆਂ ਵੱਖ ਵੱਖ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਢੁਕਵੀਂ ਮਸ਼ੀਨਰੀ ਮੁਹਈਆ ਕਰਵਾਉਣ ਲਈ ਵੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਹਿਕਾਰੀ ਸਭਾਵਾਂ ਕੋਲ ਪੂਰੀ ਮਸ਼ੀਨਰੀ ਹੋਵੇ।
ਇਸ ਮੌਕੇ ਸਹਿਕਾਰੀ ਸਭਾਵਾਂ ਵਲੋਂ ਵਧੀਕ ਡਿਪਟੀ ਕਮਿਸ਼ਨਰ ਜੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਭਾਵਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਵਾਸਤੇ ਲੋਨ ਸਹਿਕਾਰੀ ਬੈਂਕਾਂ ਤੋਂ ਲੈਣ ਦੀ ਇਜਾਜ਼ਤ ਨਹੀਂ ਹੈ, ਉਨ੍ਹਾਂ ਕਿਹਾ ਕਿ ਸਕੀਮ ਤਹਿਤ ਲੋਨ ਸਹਿਕਾਰੀ ਬੈਂਕਾਂ ਤੋਂ ਲੈਣ ਦਾ ਪ੍ਰਬੰਧ ਕੀਤਾ ਜਾਵੇ, ਇਸ ਦੇ ਨਾਲ ਹੀ ਉਨ੍ਹਾਂ ਹੋਰ ਵੀ ਮਸਲੇ ਦੱਸੇ।
ਇਸ ‘ਤੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮਸਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲਿਖਤੀ ਤੌਰ ‘ਤੇ ਖੇਤੀਬਾੜੀ ਸਕੱਤਰ ਜੀ ਦੇ ਧਿਆਨ ਵਿੱਚ ਲਿਆਂਦਾ ਜਾ ਚੁੱਕਾ ਹੈ ਜਿਨ੍ਹਾਂ ਵਲੋਂ ਕੇਂਦਰ ਤੱਕ ਇਹ ਚਾਰਾਜੋਈ ਕੀਤੀ ਜਾ ਰਹੀ ਹੈ।ਇਸ ਮੌਕੇ ਉਨ੍ਹਾਂ ਸਹਿਕਾਰੀ ਸਭਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਸਹਿਯੋਗ ਦੇਣ ਤਾਂ ਜੋ ਸਾਂਝੇ ਹੰਭਲੇ ਨਾਲ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਇਸ ਮੌਕੇ ਉਪ ਰਜਿਸਟਰਾਰ (ਸਹਿਕਾਰੀ ਸਭਾਵਾਂ) ਸਰਵੇਸ਼ਵਰ ਸਿੰਘ ਮੋਹੀ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਸੈਕਟਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਤੇਗ ਸਿੰਘ, ਵੱਖ ਵੱਖ ਸਹਿਕਾਰੀ ਸਭਾਵਾਂ ਦੇ ਸਕੱਤਰ ਤੇ ਪ੍ਰਧਾਨ ਆਦਿ ਹਾਜ਼ਰ ਸਨ।