ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੁਰਦੁਆਰਾ ਕਮੇਟੀ ਦੇ ਨੁਮਾਇੰਦਿਆਂ ਨੇ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

ਕੋਵਿਡ-19 ਸਬੰਧੀ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਉਤਸ਼ਾਹ ਨਾਲ ਮਨਾਇਆ ਜਾਵੇਗਾ ਵਿਆਹ ਪੁਰਬ – ਐੱਸ.ਡੀ.ਐੱਮ. ਬਟਾਲਾ
ਬਟਾਲਾ, 25 ਅਗਸਤ 2021 ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ 13 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਾਰੀਆਂ ਤਿਆਰੀਆਂ ਸਮਾਂ ਰਹਿੰਦਿਆਂ ਮੁਕੰਮਲ ਕਰ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵੀ ਕੀਤੀ ਜਾਵੇਗੀ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਖਾਸ ਪ੍ਰਬੰਧ ਕੀਤੇ ਜਾਣਗੇ ਕਿ ਸੰਗਤ ਦੀ ਭੀੜ ਨਾ ਪਵੇ।
ਐੱਸ.ਡੀ.ਐੱਮ. ਸ. ਬਲਵਿੰਦਰ ਸਿੰਘ ਨੇ ਨਗਰ ਨਿਗਮ ਅਤੇ ਲੋਕ ਨਿਰਮਾਣ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸੜਕਾਂ ਰਾਹੀਂ ਨਗਰ ਕੀਰਤਨ ਜਾਂ ਸੰਗਤ ਨੇ ਲੰਘਣਾ ਹੈ ਉਨ੍ਹਾਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੇ ਮੱਦੇਨਜ਼ਰ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ। ਇਸ ਤੋਂ ਇਲਾਵਾ ਸੀਵਰੇਜ ਬੋਰਡ ਸ਼ਹਿਰ ਵਿੱਚ ਸੀਵਰੇਜ ਪ੍ਰਣਾਲੀ ਨੂੰ ਦਰੁਸਤ ਕਰੇਗਾ ਅਤੇ ਇਹ ਯਕੀਨੀ ਬਣਾਵੇਗਾ ਕਿ ਸੀਵਰੇਜ ਦਾ ਇੱਕ ਵੀ ਹੋਲ ਢੱਕਣ ਤੋਂ ਬਿਨਾਂ ਨਾ ਹੋਵੇ। ਉਨ੍ਹਾਂ ਕਿਹਾ ਕਿ ਪਾਵਰਕਾਮ ਨਗਰ ਕੀਰਤਨ ਦੇ ਮਾਰਗ ’ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚੀਆਂ ਤੇ ਠੀਕ ਕਰੇਗਾ ਅਤੇ ਟੈਲੀਫੋਨ ਵਿਭਾਗ ਅਤੇ ਕੇਬਲ ਨੈਟਵਰਕ ਦੇ ਓਪਰੇਟਰ ਵੀ ਆਪਣੀਆਂ ਤਾਰਾਂ ਨੂੰ ਉੱਚੀਆਂ ਕਰਨਗੇ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਨਗਰ ਕੀਰਤਨ ਅਤੇ ਸੰਗਤ ਦੇ ਸਵਾਗਤ ਲਈ ਸ਼ਹਿਰ ਦੇ ਪ੍ਰਵੇਸ਼ ਦੁਆਰਾਂ ਉੱਪਰ ਸਵਾਗਤੀ ਗੇਟ ਲਗਾਏ ਜਾਣਗੇ ਅਤੇ ਨਾਲ ਹੀ ਨਗਰ ਨਿਗਮ ਵੱਲੋਂ ਝੰਡੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਸੜਕਾਂ ਦੇ ਡਿਵਾਇਡਰਾਂ ਅਤੇ ਲਾਈਟਾਂ ਦੇ ਖੰਬਿਆਂ ਨੂੰ ਰੰਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਠੀਕ ਕੀਤੀਆਂ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਆਹ ਪੁਰਬ ਦੀਆਂ ਤਿਆਰੀਆਂ ਵਿੱਚ ਕੋਈ ਕਮੀਂ ਨਾ ਛੱਡੀ ਜਾਵੇ ਅਤੇ ਸੇਵਾ ਭਾਵਨਾਂ ਨਾਲ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਐੱਸ.ਡੀ.ਐੱਮ. ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਵਿਆਹ ਪੁਰਬ ਦੌਰਾਨ ਸੰਗਤ ਦੀ ਭੀੜ ਨੂੰ ਕੰਟਰੋਲ ਕਰਨ ਲਈ ਪ੍ਰਸ਼ਾਸਨ ਵੱਲੋਂ ਲੰਗਰ ਲਈ ਥਾਂ ਨਿਰਧਾਰਤ ਕੀਤੇ ਗਏ ਹਨ ਅਤੇ ਇਨ੍ਹਾਂ ਨਿਰਧਾਰਤ ਥਾਵਾਂ ਉੱਪਰ ਹੀ ਲੰਗਰ ਲਗਾਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਖਾਣ-ਪੀਣ ਦੀਆਂ ਰੇਹੜੀਆਂ ਤੋਂ ਵਿਸ਼ੇਸ਼ ਸੈਂਪਲ ਵੀ ਭਰੇ ਜਾਣਗੇ। ਇਸਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਪੂਰੇ ਸ਼ਹਿਰ ਵਿੱਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਉਂਦਿਆਂ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਲਾਹਕਾਰੀਆਂ ਦੀ ਪਾਲਣਾ ਵੀ ਜਰੂਰ ਕਰਨ।
ਇਸ ਮੌਕੇ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਐੱਸ.ਪੀ. ਲਲਿਤ ਕੁਮਾਰ, ਨਾਇਬ ਤਹਿਸੀਲਦਾਰ ਅਰਚਨਾ ਸ਼ਰਮਾਂ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਨਵਨਿਯੂਕਤ ਮੈਨੇਜਰ ਬਲਜੀਤ ਸਿੰਘ ਬੁੱਟਰ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਸ਼੍ਰੀ ਸਤਿਕਰਤਾਰੀਆਂ ਸਾਹਿਬ, ਬਲਜੀਤ ਸਿੰਘ ਤਲਵੰਡੀ ਰਾਮਾ ਮੈਨੇਜਰ ਗੁਰਦੁਆਰਾ ਸ਼੍ਰੀ ਅੱਚਲ ਸਾਹਿਬ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।