ਅਸ਼ੀਰਵਾਦ ਸਕੀਮ ਤਹਿਤ ਧੀਆਂ ਨੂੰ 51000 ਰੁਪਏ ਦਾ ਸ਼ਗਨ ਪਾਵੇਗੀ ਪੰਜਾਬ ਸਰਕਾਰ – ਵਿਧਾਇਕ ਲਾਡੀ
ਬਟਾਲਾ, 1 ਜੁਲਾਈ 2021 ਪੰਜਾਬ ਸਰਕਾਰ ਨੇ ਬਜ਼ੁਰਗ, ਵਿਧਵਾ, ਬੇਸਹਾਰਾ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਵੱਡੀ ਸਹੂਲਤ ਦਿੰਦਿਆਂ ਅੱਜ ਤੋਂ ਉਨ੍ਹਾਂ ਦੀ ਮਾਸਿਕ ਪੈਨਸ਼ਨ ਨੂੰ ਵਧਾ ਕੇ 1500 ਰੁਪਏ ਕਰ ਦਿੱਤਾ ਹੈ। ਇਸਦੇ ਨਾਲ ਹੀ ਅੱਜ 1 ਜੁਲਾਈ ਤੋਂ ਅਸ਼ੀਰਵਾਰ ਸਕੀਮ ਤਹਿਤ ਸ਼ਗਨ ਰਾਸ਼ੀ ਨੂੰ ਵੀ ਵਧਾ ਕੇ 51000 ਰੁਪਏ ਕਰ ਦਿੱਤਾ ਹੈ।
ਇਹ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਮਾਸਿਕ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾਉਣ ਦਾ ਪੰਜਾਬ ਸਰਕਾਰ ਦਾ ਇਹ ਫੈਸਲਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਗਰੀਬਾਂ ਦੀ ਭਲਾਈ ਨੂੰ ਯਕੀਨੀ ਬਣਾਏਗਾ। ਸ. ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੈਨਸ਼ਨ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ ਪੰਜਾਬੀਆਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਵਧੀ ਮਾਸਿਕ ਪੈਨਸ਼ਨ ਦਾ ਲਾਭ ਸੂਬੇ ਦੇ 26.27 ਲੱਖ ਲਾਭਪਾਤਰੀਆਂ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਬਜ਼ੁਰਗ, ਵਿਧਵਾ, ਬੇਸਹਾਰਾ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਦੁਗਣੀ ਪੈਨਸ਼ਨ ਮਿਲੇਗੀ ਅਤੇ ਇਸ ਨਾਲ ਉਨ੍ਹਾਂ ਦਾ ਨਿਰਭਾਹ ਸੁਖਾਲਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ ਲੈ ਕੇ ਆਵੇਗਾ। ਸ. ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਵੀ ਜਾਰੀ ਹੈ।