‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਆਨਲਾਈਨ ਅਪਲਾਈ ਕਰਨ ਲਈ ਕਿਸਾਨਾਂ ਵਾਸਤੇ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ
‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਸਿਹਤ ਬੀਮਾ ਸਕੀਮ ਲਈ ਯੋਗ ਹੋਣਗੇ
ਬਟਾਲਾ, 10 ਅਗਸਤ 2021 ਪੰਜਾਬ ਸਰਕਾਰ ਨੇ ਸਾਲ 2021-22 ਲਈ 8.50 ਲੱਖ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਦੇ ਤਹਿਤ ਸਿਹਤ ਬੀਮਾ ਸਕੀਮ ਹੇਠ ਲਿਆਉਣ ਦਾ ਸ਼ਲਾਘਾਯੋਗ ਫੈਸਲਾ ਕੀਤਾ ਹੈ। ਇਸ ਨਾਲ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਿਹਤ ਸਕੀਮ ਲਈ ਯੋਗ ਮੰਨੇ ਜਾਣਗੇ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਲਈ ਸੁਖਾਲੇ ਢੰਗ ਨਾਲ ਅਪਲਾਈ ਕਰਨ ਦੀ ਸਹੂਲਤ ਪ੍ਰਦਾਨ ਕਰਦੇ ਹੋਏ ਪੰਜਾਬ ਮੰਡੀ ਬੋਰਡ ਨੇ ਇਸ ਸਾਲ ਤੋਂ ਪਹਿਲੀ ਵਾਰ ਕਿਸਾਨਾਂ ਲਈ ਵਿਸ਼ੇਸ਼ ਪੋਰਟਲ ਦੀ ਸ਼ੁਰੂਆਤ ਕੀਤੀ ਹੈ। ਹੁਣ ਕਿਸਾਨਾਂ ਨੂੰ ਇਸ ਸਕੀਮ ਲਈ ਅਪਲਾਈ ਕਰਨ ਵਾਸਤੇ ਪਹਿਲਾਂ ਵਾਂਗ ਦਸਤਾਵੇਜ਼ ਜਮਾਂ ਕਰਵਾਉਣ ਲਈ ਮਾਰਕੀਟ ਕਮੇਟੀ ਦੇ ਦਫਤਰ ਜਾਣ ਦੀ ਲੋੜ ਨਹੀਂ ਹੋਵੇਗੀ। ਇਸ ਸਹੂਲਤ ਦਾ ਲਾਭ ਲੈਣ ਦੇ ਇਛੁੱਕ ਕਿਸਾਨ ਮੰਡੀ ਬੋਰਡ ਦੇ ਪੋਰਟਲ https://emandikaran-pb.in ਉਪਰ ਸਬੰਧਤ ਦਸਤਾਵੇਜ਼ ਅਪਲੋਡ ਕਰਕੇ ਸੌਖਿਆਂ ਹੀ ਅਪਲਾਈ ਕਰ ਸਕਦੇ ਹਨ।
ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨੇ ਦੱਸਿਆ ਕਿ ਸਾਰੇ ਕਿਸਾਨਾਂ ਦੀ ਸਮੁੱਚੀ ਬੀਮਾ ਰਾਸ਼ੀ ਦਾ ਭੁਗਤਾਨ ਮੰਡੀ ਬੋਰਡ ਵੱਲੋਂ ਅਦਾ ਕੀਤਾ ਜਾਵੇਗਾ ਅਤੇ ਇਹ ਕਿਸਾਨ ਪੰਜ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਉਨਾਂ ਅੱਗੇ ਦੱਸਿਆ ਕਿ ਇਨਾਂ ਸਾਰੇ ਕਿਸਾਨਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ 20 ਅਗਸਤ, 2021 ਤੋਂ ਸਿਹਤ ਸੁਵਿਧਾਵਾਂ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।
ਚੇਅਰਮੈਨ ਨੇ ਅੱਗੇ ਦੱਸਿਆ ਕਿ ਬੀਤੇ ਸਾਲ 5.01 ਲੱਖ ਕਿਸਾਨਾਂ ਨੂੰ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਦੇ ਆਧਾਰ ਉਤੇ ਸਿਹਤ ਬੀਮਾ ਸਕੀਮ ਹੇਠ ਲਿਆਂਦਾ ਗਿਆ ਸੀ। ਇਸ ਵਾਰ ਕਿਸਾਨਾਂ ਦੀ ਗਿਣਤੀ ਲਗਪਗ 8.5 ਲੱਖ ਹੈ ਜਿਨਾਂ ਵਿਚ 7.91 ਲੱਖ ਕਿਸਾਨ ‘ਜੇ’ ਫਾਰਮ ਨਾਲ ਮੰਡੀ ਬੋਰਡ ਕੋਲ ਰਜਿਸਟਰਡ ਹਨ ਜਦਕਿ 55000 ਗੰਨਾ ਉਤਪਾਦਕ ਹਨ।
ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਅੱਗੇ ਦੱਸਿਆ ਕਿ ਬੀਤੇ ਸਾਲ ‘ਸਰਬੱਤ ਸਿਹਤ ਬੀਮਾ ਯੋਜਨਾ’ ਹੇਠ ਰਜਿਸਟਰਡ ਹੋਏ ਇਨਾਂ 5.01 ਲੱਖ ਕਿਸਾਨਾਂ ਨੂੰ ਪੋਰਟਲ ਉਤੇ ਮੁੜ ਅਪਲਾਈ ਕਰਨ ਦੀ ਲੋੜ ਨਹੀਂ ਹੈ ਕਿਉਂ ਜੋ ਉਨਾਂ ਨੂੰ ਪਹਿਲੇ ਦਸਤਾਵੇਜ਼ਾਂ ਦੇ ਆਧਾਰ ਉਤੇ ਅਗਲੇ ਸਾਲ ਲਈ ਸਿਹਤ ਸੁਵਿਧਾਵਾਂ ਦਾ ਲਾਭ ਮਿਲੇਗਾ ਜਦਕਿ ਬਾਕੀ ਲਗਪਗ 3.5 ਲੱਖ ਕਿਸਾਨ ਅਤੇ ਗੰਨਾ ਉਤਪਾਦਕ ਜੋ ਇਕ ਅਕਤੂਬਰ, 2020 ਤੋਂ ਬਾਅਦ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਜੋਂ ਰਜਿਸਟਰਡ ਹੋਏ ਹਨ, ਨੂੰ ਸਿਹਤ ਬੀਮਾ ਸਕੀਮ ਲਈ ਪੋਰਟਲ ਉਤੇ ਅਪਲਾਈ ਕਰਨਾ ਹੋਵੇਗਾ।
ਚੇਅਰਮੈਨ ਬਾਜਵਾ ਨੇ ਦੱਸਿਆ ਕਿ ਯੋਗ ਕਿਸਾਨ ਬੋਰਡ ਦੇ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਤਾਂ ਕਿ ਉਹ ਇਸ ਸਾਲ 20 ਅਗਸਤ ਤੋਂ ਸੂਚੀਬੱਧ ਹਸਪਤਾਲਾਂ ਤੋਂ ਨਗਦੀ ਰਹਿਤ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈਣ ਦੇ ਹੱਕਦਾਰ ਬਣ ਸਕਣ। ਉਨਾਂ ਅੱਗੇ ਦੱਸਿਆ ਕਿ ਪਰਿਵਾਰ ਦਾ ਮੁਖੀ ਤੋਂ ਇਲਾਵਾ ਪਤੀ/ਪਤਨੀ, ਪਿਤਾ/ਮਾਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਗ ਬੱਚੇ ਇਸ ਸਕੀਮ ਹੇਠ ਯੋਗ ਮੰਨੇ ਜਾਣਗੇ। ਇਸ ਸਕੀਮ ਬਾਰੇ ਹੋਰ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ਜਾਂ ਮੰਡੀ ਬੋਰਡ ਦੀ ਵੈੱਬਸਾਈਟ www.mandiboard.nic.in ਤੋਂ ਹਾਸਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਕਿਸਾਨ ਸਿਹਤ ਬੀਮਾ ਸਕੀਮ ਹੇਠ ਇਲਾਜ ਲਈ 642 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰ ਸਕਦੇ ਹਨ ਜਿੱਥੇ ਇਨਾਂ ਨੂੰ ਦਿਲ ਦਾ ਅਪ੍ਰੇਸ਼ਨ, ਕੈਂਸਰ ਦਾ ਇਲਾਜ, ਜੋੜ ਬਦਲਾਉਣੇ ਅਤੇ ਦੁਰਘਟਨਾ ਦੇ ਕੇਸਾਂ ਵਰਗੇ ਵੱਡੇ ਸਰਜੀਕਲ ਇਲਾਜ ਸਮੇਤ 1579 ਬਿਮਾਰੀਆਂ ਲਈ ਪੰਜ ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਹਾਸਲ ਹੋਵੇਗੀ।