ਪੰਜਾਬ ਸਰਕਾਰ ਕਰ ਰਹੀ ਹੈ ਖੇਡਾਂ ਨੂੰ ਉਤਸਾਹਿਤ: ਵਿਧਾਇਕ ਘੁਬਾਇਆ
95 ਪਿੰਡਾਂ ਨੂੰ ਮਿਲਣਗੀਆਂ ਖੇਡ ਕਿੱਟਾਂ: ਡਿਪਟੀ ਕਮਿਸ਼ਨਰ
ਫਾਜ਼ਿਲਕਾ 6 ਸਤੰਬਰ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵਰਗੀਆਂ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡਣ ਦੀ ਰਸਮੀ ਸ਼ੁਰੂਆਤ ਹਲਕਾ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਅਤੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਅਤੇ ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸੁਰਿੰਦਰ ਸਚਦੇਵਾ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸ. ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਕ ਪਾਸੇ ਜਿਥੇ ਅੰਤਰ ਰਾਸ਼ਟਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾ ਰਹੇ ਹਨ ਉਥੇ ਹੀ ਸਥਾਨਕ ਪੱਧਰ ਤੇ ਨੌਜਵਾਨਾਂ ਨੂੰ ਖੇਡ ਗਰਾਊਡਾਂ ਅਤੇ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ 95 ਪਿੰਡਾਂ ਦੀਆਂ ਪੰਚਾਇਤਾਂ ਅਤੇ ਖੇਡ ਕਲੱਬਾਂ ਨੂੰ ਇਹ ਸਮਾਨ ਤਕਸੀਮ ਕੀਤਾ ਜਾਣਾ ਹੈ ਹਲਾਂਕਿ ਕੋਵਿਡ ਪਾਬੰਦੀਆਂ ਦੇ ਮੱਦੇਨਜ਼ਰ ਅੱਜ ਕਰਵਾਏ ਛੋਟੇ ਸਮਾਗਮ ਵਿੱਚ 10 ਪੰਚਾਇਤਾਂ ਨੂੰ ਇਹ ਸਮਾਨ ਤਕਸੀਮ ਕੀਤਾ ਜਦਕਿ ਬਾਕੀ ਪੰਚਾਇਤਾਂ ਨੂੰ ਇਹ ਸਮਾਨ ਆਉਣ ਵਾਲੇ ਦਿਨਾਂ ਵਿਚ ਪੁੱਜਦਾ ਕਰ ਦਿੱਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਵਿੱਚ ਨੌਜਵਾਨਾਂ ਨੂੰ ਕ੍ਰਿਕਟ ਦੀ ਖੇਡ ਦੇ ਸਾਰੇ ਸਮਾਨ ਦੇ ਨਾਲ-ਨਾਲ ਵਾਲੀਬਾਲ ਆਦਿ ਦਾ ਸਮਾਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨਾਂ ਮਗਨਰੇਗਾ ਯੋਜਨਾ ਤੇ ਤਹਿਤ ਪਿੰਡਾਂ ਵਿੱਚ ਖੇਡ ਸਟੇਡੀਅਮ ਵੀ ਤਿਆਰ ਕਰਵਾਏ ਜਾ ਰਹੇ ਹਨ।