ਨਵਾਂਸ਼ਹਿਰ, 25 ਸਤੰਬਰ :
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ‘ਬੇਟੀ ਬਚਾਓ, ਬੇਟੀ ਪੜਾਓ’ ਸਕੀਮ ਦੀ ਜ਼ਿਲਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲੇ ਵਿਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਬੁਲੰਦੀਆਂ ’ਤੇ ਪੁਹੁੰਚਾਇਆ ਜਾਵੇਗਾ। ਇਸ ਦੌਰਾਨ ਉਨਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਕੀਮ ਤਹਿਤ ਕੀਤੇ ਜਾ ਰਹੇ ਕਾਰਜਾਂ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਵਿਡ ਦੇ ਮੱਦੇਨਜ਼ਰ ਸਾਵਧਾਨੀਆਂ ਵਰਤਦੇ ਹੋਏ ਲੜਕੀਆਂ ਵਿਚ ਖ਼ੂਨ ਦੀ ਕਮੀ ਕਾਰਨ ਅਨੀਮੀਆ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲ ਡਰਾਪ ਆਊਟ ਲੜਕੀਆਂ ਦੀ ਸਿੱਖਿਆ ਨੂੰ ਬਰਕਰਾਰ ਰੱਖਣ ਲਈ ਉਨਾਂ ਨਾਲ ਤਾਲਮੇਲ ਕਰ ਕੇ ਉਨਾਂ ਦੀ ਦੁਬਾਰਾ ਸਿੱਖਿਆ ਤੇ ਸਿਖਲਾਈ ਦਾ ਉਪਰਾਲਾ ਕਰਨ। ਇਸੇ ਤਰਾਂ ਛੋਟੀ ਉਮਰ ਦੀਆਂ ਲੜਕੀਆਂ ਨੂੰ ਸਾਈਬਰ ਕ੍ਰਾਈਮ ਖਿਲਾਫ਼ ਜਾਗਰੂਕ ਕਰਨ ਲਈ ਜ਼ਿਲਾ ਬਾਲ ਸੁਰੱਖਿਆ ਯੂਨਿਟ ਨਾਲ ਤਾਲਮੇਲ ਕਰ ਕੇ ਉਨਾਂ ਨੂੰ ਆਨ ਲਾਈਨ ਟ੍ਰੇਨਿੰਗ ਦੇਣ ਦੀ ਹਦਾਇਤ ਕੀਤੀ ਗਈ। ਇਸ ਤੋਂ ਇਲਾਵਾ ਉਨਾਂ ਲੜਕੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਵਿਚ ਹੈਲਪ ਲਾਈਨ ਨੰਬਰ 1098 ਡਾਇਲ ਕਰਨ ਸਬੰਧੀ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨਾਂ ਗ਼ਰੀਬ ਅਤੇ ਹੁਨਰਮੰਦ ਲੜਕੀਆਂ ਨੂੰ ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕਰਨ ਸਬੰਧੀ ਖਾਕਾ ਉਲੀਕਣ ਦੀ ਵੀ ਹਦਾਇਤ ਕੀਤੀ।
ਜ਼ਿਲਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਵੱਲੋਂ ਇਸ ਮੌਕੇ ਵਿਭਾਗ ਵੱਲੋਂ ਇਸ ਸਕੀਮ ਤਹਿਤ ਚਲਾਈਆਂ ਜਾ ਰਹੀਆਂ ਅਤੇ ਚਲਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਹਾਜ਼ਰ ਅਧਿਕਾਰੀਆਂ ਅਤੇ ਮੈਂਬਰਾਂ ਇਸ ਸਕੀਮ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਸਬੰਧੀ ਆਪਣੇ ਸੁਝਾਅ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਤੋਂ ਇਲਾਵਾ ਜ਼ਿਲਾ ਟਾਸਕ ਫੋਰਸ ਦੇ ਸਮੂਹ ਮੈਂਬਰ ਹਾਜ਼ਰ ਸਨ।
ਫੋਟੋ :
-‘ਬੇਟੀ ਬਚਾਓ, ਬੇਟੀ ਪੜਾਓ’ ਸਬੰਧੀ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਅਤੇ ਹੋਰ ਅਧਿਕਾਰੀ।