ਰੂਪਨਗਰ, 16 ਜਨਵਰੀ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਲਈ ਭਾਸ਼ਾ ਵਿਭਾਗ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਰੂਪਨਗਰ ਸ. ਹਰਕੀਰਤ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਰੈਲੀ ਵਿੱਚ ਜ਼ਿਲ੍ਹਾ ਰੂਪਨਗਰ ਦੇ ਬਜਾਰਾਂ ਵਿੱਚ ਜਾ ਕੇ ਵਪਾਰਕ ਅਦਾਰਿਆਂ ਅਤੇ ਦੁਕਾਨਦਾਰਾਂ ਨੂੰ ਅਪਣੀਆਂ ਦੁਕਾਨਾਂ ਦੇ ਬੋਰਡ ਸਭ ਤੋਂ ਉੱਤੇ ਮਾਤ ਭਾਸ਼ਾ ਪੰਜਾਬੀ (ਗੁਰਮੁੱਖੀ ਲਿੱਪੀ) ਵਿੱਚ ਲਿਖਣ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਵਪਾਰੀਆਂ, ਕਾਰੋਬਾਰੀਆਂ ਅਤੇ ਰੂਪਨਗਰ ਨਿਵਾਸੀਆਂ ਵਲੋਂ ਇਸ ਉਪਰਾਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਨਗਰ ਕੌਂਸਲ ਅਤੇ ਕਾਰਜ ਸਾਧਕ ਅਫ਼ਸਰ ਰੂਪਨਗਰ ਨੇ ਵੀ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਵਚਨਬੱਧਤਾ ਜ਼ਾਹਿਰ ਕੀਤੀ।