ਅਨੀਮੀਆ ਮੁਕਤ ਭਾਰਤ ਅਭਿਆਨ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ : ਡਾ ਜਵਿੰਦਰਵੰਤ ਸਿੰਘ ਬੈਂਸ
ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐੱਲ.ਐੱਚ.ਵੀਜ਼ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 5 ਜੁਲਾਈ 2021 ਜ਼ਿਲ੍ਹੇ ਵਿਚ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਅੱਜ ਬਲਾਕ ਐਕਸਟੈਂਸ਼ਨ ਐਜੂਕੇਟਰਜ਼ ਅਤੇ ਐੱਲ.ਐੱਚ.ਵੀਜ਼ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ ਨੇ ਕਿਹਾ ਕਿ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਜਣੇਪਾ ਨਾਲ ਸਬੰਧਤ ਕਈ ਤਰ੍ਹਾਂ ਦੇ ਜ਼ੋਖਮਾਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਜਵਿੰਦਰਵੰਤ ਸਿੰਘ ਬੈਂਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਨੀਮੀਆ ਮੁਕਤ ਭਾਰਤ ਅਭਿਆਨ ਨੂੰ ਬਿਹਤਰ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਆਇਰਨ ਫੋਲਿਕ ਐਸਿਡ ਸਿਰਪ, ਕਿਸ਼ੋਰ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸਮੇਂ ਸਿਰ ਆਈਰਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ।
ਡਾ. ਬੈਂਸ ਨੇ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਇਨ੍ਹਾਂ ਦਾ ਲਾਭ ਪ੍ਰਾਪਤ ਹੋ ਸਕੇ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਅਤੇ ਸਮੀਖਿਆ ਅਫ਼ਸਰ ਗੁਰਪ੍ਰੀਤ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਸਕੂਲ ਸਿਹਤ ਕੋਆਰਡੀਨੇਟਰ ਰਮਨਦੀਪ ਕੌਰ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।