ਮਿਸ਼ਨ ਫ਼ਤਿਹ ਤਹਿਤ ਹੁਣ ਤੱਕ 10351 ਕੋਵਿਡ ਪਾਜ਼ਿਟਿਵ ਮਰੀਜ਼ ਹੋਏ ਸਿਹਤਯਾਬ

ਸਿਹਤ ਕਰਮਚਾਰੀਆਂ ਦੇ 18 ਤੋਂ 44 ਸਾਲ ਦੇ ਪਰਿਵਾਰਕ ਮੈਂਬਰਾਂ ਅਤੇ ਸਹਿ-ਰੋਗਾਂ ਤੋਂ ਪੀੜਤਾਂ ਦੀ ਕੋਵਿਡ ਵੈਕਸੀਨੇਸ਼ਨ ਜਾਰੀਡਿਪਟੀ ਕਮਿਸ਼ਨਰ
ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ- ਰਾਮਵੀਰ
ਸੰਗਰੂਰ, 19 ਮਈ , 2021 :
ਕੋਰੋਨਾਵਾਇਰਸ ਦੇ ਫ਼ੈਲਾਅ ਨੂੰ ਰੋਕਣ ਲਈ ਮਿਸ਼ਨ ਫ਼ਤਿਹ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਸਿਹਤ ਕਰਮਚਾਰੀਆਂ ਦੇ 18 ਤੋਂ 44 ਸਾਲ ਤੱਕ ਉਮਰ ਦੇ ਪਰਿਵਾਰਕ ਮੈਂਬਰਾਂ ਅਤੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਵੀ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ। ਇਹ ਵੈਕਸੀਨ ਲਗਾਉਣ ਲਈ ਜ਼ਿਲ੍ਹੇ ’ਚ 14 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਇਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਨਾਲ ਰੂ-ਬ-ਰੂ ਹੁੰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਿੱਜੀ ਜ਼ਿੰਮੇਵਾਰੀ ਸਮਝਦਿਆਂ ਕੋਰੋਨਾਵਾਇਰਸ ਖਿਲਾਫ਼ ਜੰਗ ’ਚ ਸਾਥ ਦੇ ਕੇ ਕੋਵਿਡ-19 ਨੂੰ ਮਾਤ ਦੇਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਂਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨਾਲ ਸਬੰਧਤ ਕੋਈ ਵੀ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੱਕ ਪਹੁੰਚ ਕਰਕੇ ਜਾਂਚ ਕਰਵਾਉਣੀ ਚਾਹੀਂਦੀ ਹੈ। ਉਨ੍ਹਾ ਕਿਹਾ ਕਿ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਕੋਵਿਡ-19 ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਪਹਿਲਾਂ ਤੋਂ ਹੀ ਟੀਕਾਕਰਨ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੀ ਵਾਰੀ ਆਉਣ ’ਤੇ ਤੁਰੰਤ ਟੀਕਾਕਰਨ ਕਰਵਾਇਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਸ੍ਰੀ ਰਾਮਵੀਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਜ਼ਿਲ੍ਹੇ ਅੰਦਰ ਕਰੀਬ 27 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਊਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪਾਣੀ ਦੀ ਖਪਤ ਘੱਟ ਹੁੰਦੀ ਹੈ ਉੱਥੇ ਹੀ ਉਪਜ ਦਾ ਮਿਆਰ ਵੀ ਵਧੀਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ’ਚ ਨਮੀ ਦੀ ਮਾਤਰਾ ਢੁੱਕਵੀਂ ਹੋਣ ਕਾਰਨ ਮੰਡੀਕਰਨ ਮੌਕੇ ਕੋਈ ਪ੍ਰੇਸ਼ਾਨੀ ਨਹੀਂ ਆਉਂਦੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ’ਚ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 386298 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਉਨ੍ਹਾ ਦੱਸਿਆ ਕਿ ਜ਼ਿਲੇ ’ਚ 3 ਮੀਟਰਕ ਟਨ ਆਕਸੀਜਨ ਅਤੇ 118 ਬੈੱਡ ਐਲ-2 ਸੁਵਿਧਾ ਵਾਲੇ ਉਪਲੱਬਧ ਹਨ।
ਤਸਵੀਰ: ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ
Spread the love