ਨਵਾਂਸ਼ਹਿਰ, 5 ਸਤੰਬਰ 2021 ਪੰਜਾਬ ਸਰਕਾਰ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਪੜੇ-ਲਿਖੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਜਾ ਰਹੀ ਹੈ। ਇਸ ਤਹਿਤ ਪ੍ਰਾਰਥੀਆਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪ੍ਰਾਰਥੀਆਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਦੇ ਉਪਰਾਲੇ ਕੀਤੇ ਗਏ ਹਨ। ਇਸੇ ਤਹਿਤ ਬਿਊਰੋ ਵੱਲੋਂ ਕੇ. ਸੀ ਗਰੁੱਪ ਆਫ਼ ਕਾਲਜਿਸ, ਨਵਾਂਸ਼ਹਿਰ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਪ੍ਰਾਰਥੀਆਂ ਨੂੰ ਇਸ ਸਕੀਮ ਤਹਿਤ ਮੌਕੇ ’ਤੇ ਰਜਿਸਟਰਡ ਕੀਤਾ ਅਤੇ ਬਿਊਰੋ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਜ਼ਿਲਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਾਂ ਕੋਚਿੰਗ ਕਲਾਸਾਂ ਵਿਚ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰਾਰਥੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸੰਪਰਕ ਕਰ ਸਕਦੇ ਹਨ।
ਫੋਟੋ :-ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ।