ਮੁਫ਼ਤ ਮੁਹੱਈਆ ਕੀਤੇ ਜਾਣਗੇ ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਤੇ ਬੱਚੀਆਂ ਨੂੰ ਸੈਨੇਟਰੀ ਪੈਡ: ਅਰੁਨਾ ਚੌਧਰੀ

ਗਰੀਬ ਅਤੇ ਲੋੜਵੰਦ ਔਰਤਾਂ ਤੇ ਬੱਚੀਆਂ ਨੂੰ ਮੁਹੱਈਆ ਕਰਾਇਆ ਜਾਵੇਗਾ ਯੋਜਨਾ ਦਾ ਲਾਭ: ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਉਡਾਣ’ ਦੀ ਸ਼ੁਰੂਆਤ
ਫਿਰੋਜ਼ਪੁਰ, 28 ਮਈ 2021
ਪੰਜਾਬ ਸਰਕਾਰ ਵੱਲੋਂ ਅੱਜ ‘ਕੌਮਾਂਤਰੀ ਮਾਸਿਕ ਧਰਮ ਸਵੱਛਤਾ ਦਿਵਸ’ ਮੌਕੇ ਔਰਤਾਂ ਅਤੇ ਲੜਕੀਆਂ ਵਿਚ ਮਾਸਿਕ ਧਰਮ ਸਵੱਛਤਾ ਦੀ ਅਹਿਮੀਅਤ ਸਬੰਧੀ ਪਹਿਲਕਦਮੀ ਕਰਦਿਆਂ ‘ਉਡਾਣ’ ਪ੍ਰਾਜੈਕਟ ਦੀ ਸ਼ੁਰੂਆਤ ਇਕ ਵਰਚੂਅਲ ਸਮਾਗਮ ਦੌਰਾਨ ਕੀਤੀ ਗਈ। ਇਸ ਪ੍ਰੋਜੈਕਟ ਤੇ ਪੰਜਾਬ ਸਰਕਾਰ ਸਾਲਾਨਾ ਅੰਦਾਜ਼ਨ 40.55 ਕਰੋੜ ਰੁਪਏ ਖਰਚ ਕਰੇਗੀ। ਇਹ ਵਰਚੂਅਲ ਪ੍ਰੋਗਰਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੀ ਕੀਤਾ ਗਿਆ ਜਿਸ ਦੌਰਾਨ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਹਾਜ਼ਰ ਰਹੇ।
ਇਸ ਵਰਚੂਅਲ ਪ੍ਰੋਗਰਾਮ ਦੌਰਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਉਡਾਣ’ ਯੋਜਨਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਹਰ ਲਾਭਪਾਤਰੀ ਨੂੰ ਹਰ ਮਹੀਨੇ 9 ਸੈਨੇਟਰੀ ਪੈਡ ਮੁਹੱਈਆ ਕਰਾਏ ਜਾਣਗੇ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ‘ਉਡਾਣ’ ਯੋਜਨਾ ਦੀ ਸ਼ੁਰੂਆਤ ਇਸ ਦੌਰਾਨ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ ਜਾਂ ਕਾਲਜ ਨਾ ਪੜਨ ਵਾਲੀਆਂ ਲੋੜਵੰਦ ਲੜਕੀਆਂ, ਬੀਪੀਐਲ ਪਰਿਵਾਰਾਂ ਦੀਆਂ ਔਰਤਾਂ, ਝੁੱਗੀਆਂ ਝੌਂਪੜੀਆਂ ਵਿਚ ਰਹਿਣ ਵਾਲੀਆਂ ਔਰਤਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਤੇ ਹੋਰ ਸਕੀਮਾਂ ਅਧੀਨ ਨਾ ਆਉਣ ਵਾਲੀਆਂ ਲੋੜਵੰਦ ਮਹਿਲਾਵਾਂ ਨੂੰ ਲਿਆਂਦਾ ਜਾਵੇਗਾ। ਉਨਾਂ ਦੱਸਿਆ ਕਿ ਸੂਬੇ ਦੇ 27,314 ਆਂਗਣਵਾੜੀ ਸੈਂਟਰ ਹਨ ਤੇ ਹਰ ਸੈਂਟਰ ਵਿਚ 50 ਲਾਭਪਾਤਰੀ ਪਛਾਣੇ ਜਾਣਗੇ ਤੇ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਇਸ ਤੋਂ ਵੱਧ ਲਾਭਪਾਤਰੀਆਂ ਨੂੰ ਵੀ ਲਾਭ ਮਿਲੇਗਾ।
ਉਨ੍ਹਾਂ ਨੇ ਕਿਹਾ ਕਿ ਦੇ ਸ਼ਕਤੀਕਰਨ ਲਈ ਵਚਨਬੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਮਾਣ-ਸਤਿਕਾਰ ਨਾਲ ਜ਼ਿੰਦਗੀ ਜਿਊਣ ਦਾ ਮੌਕਾ ਦੇਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਆਂਗਨਵਾੜੀ ਵਰਕਰਾਂ ਰਾਹੀਂ ਔਰਤਾਂ ਨੂੰ ਸੈਨੇਟਰੀ ਨੈਪਕਿਨਾਂ ਦੀ ਵੰਡ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਇਸ ਨਾਲ ਔਰਤਾਂ ਨੂੰ ਮਾਸਿਕ ਧਰਮ ਸਮੇਂ ਵੀ ਆਪਣੀ ਰੋਜ਼ਾਨਾ ਜ਼ਿੰਦਗੀ ਆਤਮ-ਵਿਸ਼ਵਾਸ ਤੇ ਮਾਣ ਨਾਲ ਜਿਉਣ ਦਾ ਹੌਸਲਾ ਮਿਲੇਗਾ ਅਤੇ ਉਹ ਨਿੱਜੀ ਸਫ਼ਾਈ ਦੇ ਮਹੱਤਵ ਨੂੰ ਸਮਝਣਗੀਆਂ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿੱਥੇ 6ਵੀਂ ਤੋਂ 12ਵੀਂ ਦੀਆਂ ਬੱਚੀਆਂ ਨੂੰ ਸਿੱਖਿਆ ਵਿਭਾਗ ਸੈਨੇਟਰੀ ਪੈਡ ਮੁਹੱਈਆ ਕਰਾ ਰਿਹਾ ਹੈ, ਉਥੇ 7 ਜ਼ਿਲਿਆਂ ’ਚ ਸਿਹਤ ਵਿਭਾਗ ਅਧੀਨ ਵੀ ਇਹ ਸੇਵਾ ਦਿੱਤੀ ਜਾ ਰਹੀ ਹੈ।
ਉਨਾਂ ਆਖਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਔਰਤਾਂ ਦੇ ਹਿੱਤਾਂ ਲਈ ਲਿਆਂਦੀਆਂ ਗਈਆਂ ਹਨ, ਜਿਨਾਂ ਵਿਚ ਮੁਫਤ ਬੱਸ ਸੇਵਾ ਵੀ ਸ਼ਾਮਲ ਹੈ, ਜਿਸ ਦਾ ਲਾਭ 1 ਕਰੋੜ 31 ਲੱਖ ਔਰਤਾਂ ਨੂੰ ਹੋਵੇਗਾ। ਇਸ ਤੋਂ ਇਲਾਵਾ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਵਿਚ 33 ਫੀਸਦੀ ਰਾਖਵਾਂਕਰਨ ਤੇ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।

Spread the love