ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ
ਪੰਜਾਬ ਸਰਕਾਰ ਨੇ ਇਸ ਸਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ ਖੋਲ੍ਹੇ ਦੋ ਸਰਕਾਰੀ ਕਾਲਜ: ਡਿਪਟੀ ਕਮਿਸ਼ਨਰ
ਫਾਜ਼ਿਲਕਾ 27 ਅਗਸਤ 2021
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਤਰਨਤਾਰਨ ਦਾ ਨੀਂਹ ਪੱਥਰ ਰੱਖਿਆ ਜੋ ਕਿ ਪੂਰੇ ਪੰਜਾਬ ਵਿੱਚ ਪ੍ਰਸਾਰਿਤ ਕੀਤਾ ਗਿਆ। ਜ਼ਿਲ੍ਹਾ ਸਦਰ ਮੁਕਾਮ ਤੋਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦਰ ਪਾਲ ਸਿੰਘ ਸੰਧੂ ਨੇ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਇਸ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਸਰਹੱਦੀ ਖੇਤਰ ਦੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਪੜ੍ਹਾਈ ਲਈ ਇਕ ਉੱਤਮ ਸੰਸਥਾਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਇਸ ਤੋਂ ਪਹਿਲਾਂ ਸੂਬੇ ਵਿੱਚ ਜਿੱਥੇ 2 ਪ੍ਰਾਈਵਟ ਯੂਨੀਵਰਸਿਟੀਆਂ ਸਥਾਪਤ ਹੋਈਆਂ ਹਨ ਉਥੇ ਹੀ ਪਟਿਆਲਾ ਵਿਖੇ ਮਹਾਰਾਜਾ ਭੁਪਿੰਦਰ ਸਿੰਘ ਖੇਡ ਯੂਨੀਵਰਸਿਟੀ ਦੀ ਸਥਾਪਨਾ ਵੀ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੋਨੇ ਦੇ ਸਿੱਕੇ ਵੀ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਆਮ ਲੋਕ ਇਹ ਯਾਦਗਾਰੀ ਸਿੱਕੇ ਫੁਲਕਾਰੀ ਆਊਟਲੇਟ ਤੋਂ ਖਰੀਦ ਸਕਦੇ ਹਨ। ਇਸ ਤੋਂ ਪਹਿਲਾਂ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਮੱਖ ਸਕੱਤਰ ਪੰਜਾਬ ਸ੍ਰੀਮਤੀ ਵਿੰਨੀ ਮਹਾਜਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਉਚੇਰੀ ਸਿੱਖਿਆ ਲਈ ਕੀਤੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਾਲ ਫਾਜ਼ਿਲਕਾ ਜ਼ਿਲ੍ਹੇ ਵਿੱਚ 2 ਸਰਕਾਰੀ ਕਾਲਜ ਕ੍ਰਮਵਾਰ ਅਬੋਹਰ ਅਤੇ ਸੁਖਚੈਨ ਵਿਖੇ ਆਰੰਭ ਹੋਏ ਹਨ। ਅਬੋਹਰ ਦੇ ਸਰਕਾਰੀ ਕਾਲਜ ਦੀ ਬਿਲਡਿੰਗ ਦਾ ਨਿਰਮਾਣ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਨ੍ਹਾਂ ਦੋਨਾਂ ਕਾਲਜਾਂ ਵਿਚ ਦਾਖਲੇ ਸ਼ੁਰੂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜਾਂ ਵਿੱਚ ਵਿਦਿਆਰਥੀ ਸੌਖ ਨਾਲ ਦਾਖਲਾ ਲੈ ਸਕਣ ਇਸ ਲਈ ਸਰਕਾਰ ਨੇ ਆਨਲਾਈਨ ਪੋਰਟਲ ਵੀ ਸ਼ੁਰੂ ਕੀਤਾ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕੰਵਰਜੀਤ ਸਿੰਘ, ਜ਼ਿਲ੍ਹਾ ਸੂਚਨਾ ਅਫਸਰ ਸ੍ਰੀ ਪ੍ਰਿੰਸ, ਈ-ਗਵਰਨੈਸ ਕੋਆਰਡੀਨੇਟਰ ਮਨੀਸ਼ ਠਕਰਾਲ ਵੀ ਹਾਜ਼ਰ ਹਨ।