ਫਿਰੋਜ਼ਪੁਰ 27 ਅਗਸਤ 2021 ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰੁਣ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਇਸ ਸਬੰਧੀ ਸੁਵਿਧਾ ਦੇਣ ਲਈ ਇੱਕ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਨ’ (ਐਮ.ਕੇ.ਐਮ.ਐਮ) ਦੀ ਸ਼ੁਰੂਆਤ ਕੀਤੀ ਗਈ ਹੈ!
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਐਮ.ਕੇ.ਐਮ.ਐਮ ਸਕੀਮ ਦੇ ਅਧੀਨ ਉਸਾਰੀ ਮਜ਼ਦੂਰ ਭਲਾਈ ਬੋਰਡ ਕਿਰਤ ਵਿਭਾਗ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਦੇ ਯੋਗ ਨਿਰਮਾਣ ਕਰਮਚਾਰੀਆਂ ਨੂੰ ਹੁਨਰ ਸਿਖਲਾਈ ਦੁਆਰਾ ਆਪਣੇ ਚੁਣੇ ਹੋਏ ਖੇਤਰ ਵਿੱਚ ਸਿਖਲਾਈ ਉਪਰੰਤ ਉਨ੍ਹਾਂ ਨੂੰ ਰੋਜ਼ਗਾਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਸਕੀਮ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਹੁਨਰ ਸਿਖਲਾਈ ਪ੍ਰੋਗਰਾਮਾਂ ਦੇ ਅਧੀਨ ਸਿਖਲਾਈ ਕੋਰਸ ਸ਼ੁਰੂ ਹੋਣ ਤੋਂ ਲੈ ਕੇ 12 ਮਹੀਨਿਆਂ ਲਈ 2500 ਰੁਪਏ ਪ੍ਰਤੀ ਮਹੀਨਾ ਰੁਜ਼ਗਾਰ ਸਹਾਇਤਾ ਭੱਤਾ ਪ੍ਰਦਾਨ ਕੀਤਾ ਜਾਵੇਗਾ ਜੋ ਕਿ ਸਿਖਲਾਈ ਅਵਧੀ ਦੇ ਦੌਰਾਨ, ਅਤੇ ਪ੍ਰੋਗਰਾਮ ਦੀ ਸ਼ੁਰੂਆਤ ਦੀ ਮਿਤੀ ਤੋਂ 12 ਮਹੀਨਿਆਂ ਦੀ ਪ੍ਰੀ-ਪਲੇਸਮੈਂਟ ਅਤੇ ਪੋਸਟ-ਪਲੇਸਮੈਂਟ ਅਵਧੀ ਦੇ ਦੌਰਾਨ ਸਿਖਲਾਈ ਨੂੰ ਸਫਲਤਾਪੂਰਵਕ ਪੂਰਾ ਕਰਨ ਤੋਂ ਬਾਅਦ ਦਿੱਤਾ ਜਾਵੇਗਾI
ਐਮ.ਕੇ.ਐਮ.ਐਮ ਸਕੀਮ ਦੇ ਅਧੀਨ, ਉਸਾਰੀ ਮਜ਼ਦੂਰ ਭਲਾਈ ਬੋਰਡ, ਕਿਰਤ ਵਿਭਾਗ ਵਿੱਚ ਰਜਿਸਟਰਡ ਉਸਾਰੀ ਕਿਰਤੀਆਂ ਦੇ ਯੋਗ ਨਿਰਮਾਣ ਕਰਮਚਾਰੀਆਂ/ਵਾਰਡ ਨੂੰ ਲਾਭ ਲੈਣ ਲਈ ਜ਼ਿਲ੍ਹੇ ਦੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ ! ਇਸ ਤੋ ਇਲਾਵਾ ਜਿਲਾ ਮੋਬਾਈਜੇਸ਼ਨ ਮੈਨੇਜਰ ਮਨਜੀਤ ਕੌਰ ਨਾਲ ਦਿੱਤੇ ਨੰਬਰ +917087059077 ਤੇ ਸੰਪਰਕ ਕਰਕੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਇਸ ਕੋਰਸ ਵਿੱਚ ਦਾਖਲਾ ਲੈਣ ਲਈ ਅੰਤਿਮ ਮਿਤੀ 30 ਅਗਸਤ ਹੋਵੇਗੀ। ਇਸ ਸਬੰਧੀ ਪੰਜਾਬ ਹੁਨਰ ਵਿਕਾਸ ਮਿਸ਼ਨ, ਫਿਰੋਜ਼ਪੁਰ ਵੱਲੋਂ ਵੱਖ ਵੱਖ ਪਿੰਡਾਂ ਵਿਚ ਰਜਿਸਟਰੇਸ਼ਨ ਕੈਂਪ ਵੀ ਲਾਏ ਜਾ ਰਹੇ ਹਨ।