ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਦੇ ਚਾਹਵਾਨਾਂ ਨੂੰ ਪੀ.ਐਮ.ਐਮ.ਐਸ.ਵਾਈ ਸਕੀਮ ਸਬੰਧੀ ਜਾਣਕਾਰੀ ਦਿੱਤੀ ਜਾਵੇ : ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਤਹਿਤ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਮਿਲਗੀ ਸਬਸਿਡੀ : ਸਹਾਇਕ ਡਾਇਰੈਕਟਰ
ਪੀ.ਐਮ.ਐਮ.ਐਸ.ਵਾਈ ਸਕੀਮ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਚਲਾਉਣ ਲਈ ਜ਼ਿਲਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ
ਪਟਿਆਲਾ, 4 ਮਾਰਚ:
ਦੇਸ਼ ਵਿਚ ਮੱਛੀ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ ਲਿਆਂਦੀ ਗਈ ਹੈ, ਇਸ ਸਕੀਮ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ‘ਤੇ ਗਠਿਤ ਕਮੇਟੀ ਦੀ ਅੱਜ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਇਸ ਯੋਜਨਾ ਨੂੰ ਪਟਿਆਲਾ ਜ਼ਿਲ੍ਹੇ ‘ਚ ਲਾਗੂ ਕਰਨ ਲਈ ਐਕਸ਼ਨ ਪਲਾਨ ‘ਤੇ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਦੇ ਚਾਹਵਾਨਾਂ ਨੂੰ ਪੀ.ਐਮ.ਐਮ.ਐਸ.ਵਾਈ ਸਕੀਮ ਸਬੰਧੀ ਜਾਣਕਾਰੀ ਦਿੱਤੀ ਜਾਵੇ ਅਤੇ ਇਸ ਸਕੀਮ ਅਧੀਨ ਮਿਲ ਰਹੀ ਸਬਸਿਡੀ ਸਬੰਧੀ ਵੀ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਇਸ ਪੰਜ ਸਾਲਾਂ ਯੋਜਨਾ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਚਲਾਉਣ ਲਈ ਗਠਿਤ ਕੀਤੀ ਗਈ ਕਮੇਟੀ ਦੀ ਮੀਟਿੰਗ ਸਮੇਂ ਸਮੇਂ ‘ਤੇ ਕੀਤੀ ਜਾਵੇ ਅਤੇ ਪ੍ਰਗਤੀ ਰਿਪੋਰਟ ਰਾਜ ਪੱਧਰੀ ਕਮੇਟੀ ਨੂੰ ਵੀ ਭੇਜੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਵੀ ਇਸ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਪਵਨ ਕੁਮਾਰ ਨੇ ਸਕੀਮ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਯੋਜਨਾ ਅਧੀਨ ਕਿਸਾਨ ਨੂੰ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕਰਨ ਸਮੇਂ 7 ਲੱਖ ਰੁਪਏ ਦੀ ਲਾਗਤ ਨਾਲ ਟੋਭਾ ਪੁੱਟਣਾ ਹੋਵੇਗਾ, ਜਿਸ ‘ਤੇ ਸ਼ਰਤਾਂ ਪੂਰੀਆਂ ਕਰਦੇ ਕਿਸਾਨਾਂ ਨੂੰ ਸਬਸਿਡੀ ਦੀ ਸਹੂਲਤ ਵੀ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਨਰਲ ਵਰਗ ਲਈ 40 ਫ਼ੀਸਦੀ, ਐਸ.ਟੀ., ਐਸ.ਟੀ. ਅਤੇ ਔਰਤਾਂ ਲਈ 60 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।
ਇਸੇ ਤਰ੍ਹਾਂ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਵਰਤੋਂ ਨਾਲ ਮੱਛੀ ਪਾਲਣ ਵੱਲ ਕਿਸਾਨਾਂ ਨੂੰ ਤੋਰਨ ਲਈ ਨਵੀਂ ਵਿਧੀਆਂ ਵਿਕਸਤ ਕਰਨ ਲਈ ਵੀ ਉਪਰਾਲੇ ਕੀਤੇ ਜਾਣਗੇ। ਇਸ ਤੋਂ ਇਲਾਵਾ ਤਿਆਰ ਮੱਛੀ ਨੂੰ ਗਾਹਕਾਂ ਤੱਕ ਪਹੁੰਚਾਉਣ ਲਈ ਨੌਜਵਾਨਾਂ ਨੂੰ 75 ਹਜ਼ਾਰ ਰੁਪਏ ਦੀ ਲਾਗਤ ਨਾਲ ਮੋਟਰਸਾਈਕਲ ਲੈਣ ਦੀ ਸਹੂਲਤ ਮਿਲੇਗੀ, ਜਿਸ ‘ਤੇ ਵੀ ਸਬਸਿਡੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਕੈਪਸ਼ਨ : ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Spread the love