ਕਰੋਨਾ ਸੈਂਪਲਿੰਗ, ਵੈਕਸੀਨੇਸ਼ਨ ਅਤੇ ਆਕਸੀਜਨ ਗੈਸ ਸਿੰਲਡਰਾਂ ਦੀ ਸਥਿਤੀ ਦਾ ਲਿਆ ਜਾਇਜ਼ਾ
ਬਠਿੰਡਾ, 17 ਮਈ , 2021 : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਰੋਜ਼ਾਨਾ ਕੀਤੀ ਜਾਣ ਵਾਲੀ ਕਰੋਨਾ ਟੈਸਟਿੰਗ, ਵੈਕਸੀਨੇਸ਼ਨ ਅਤੇ ਆਕਸੀਜਨ ਗੈਸ ਸਿੰਲਡਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰੀ ਇਲਾਕੇ ਤੋਂ ਬਾਅਦ ਹੁਣ ਜ਼ਿਲ੍ਹੇ ਦੇ ਪਿੰਡਾਂ ਵਿਚ ਕਰੋਨਾ ਦੇ ਵੱਧ ਰਹੇ ਕੇਸਾਂ ਤੇ ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀਆਂ ਹੋ ਰਹੀਆ ਮੌਤਾਂ ਦੇ ਮੱਦੇਨਜ਼ਰ ਪਿੰਡਾਂ ਵਿਚ ਵੱਧ ਤੋਂ ਵੱਧ ਟੈਸਟਿੰਗ ਕੀਤੀ ਜਾਵੇ ਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਕਰੋਨਾ ਲੱਛਣਾਂ ਦਾ ਪਤਾ ਲੱਗਣ ਤੇ ਆਪਣਾ ਤਰੁੰਤ ਕਰੋਨਾ ਟੈਸਟ ਲਾਜ਼ਮੀ ਕਰਵਾਉਣ ਤਾਂ ਜੋ ਇਸ ਭਿਆਨਕ ਬਿਮਾਰੀ ਤੇ ਜਲਦ ਕਾਬੂ ਪਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਲਗਾਏ ਜਾ ਰਹੇ 100 ਐਲ.ਪੀ.ਐਮ. ਦੀ ਸਮਰੱਥਾ ਵਾਲੇ ਆਕਸੀਜਨ ਪਲਾਂਟ ਨਾਲ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਇਸ ਪਲਾਂਟ ਦੇ ਅਧੂਰੇ ਕਾਰਜਾਂ ਨੂੰ ਤਰੁੰਤ ਮੁਕੰਮਲ ਕਰਵਾਉਣ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਕਰੋਨਾ ਸੈੱਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਡਿਊਲ ਬਣਾ ਕੇ ਪੇਂਡੂ ਖੇਤਰਾਂ ਵਿਚ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਖੇਤਰ ਵਿਚ ਵੱਧ ਤੋਂ ਵੱਧ ਇਸ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਜਾਵੇ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਰੋਨਾ ਦੇ ਲੱਛਣ ਹੋਣ ਜਾਂ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਯਾਦਵਿੰਦਰ ਸਿੰਘ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ਼੍ਰੀ ਨਵੀਨ ਗਡਵਾਲ, ਪੇਂਡੂ ਕੈਂਪਾਂ ਦੇ ਜ਼ਿਲ੍ਹਾ ਇੰਚਾਰਜ ਬੀ.ਡੀ.ਪੀ.ਓ. ਅਭਿਨਵ ਤੋਂ ਇਲਾਵਾ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।