ਪੁਲਿਸ ਨੇ 890 ਦੇ ਕਰਵਾਏ ਕੋਵਿਡ ਟੈਸਟ, 55 ਦੇ ਕੀਤੇ ਚਲਾਨ
ਨਵਾਂਸ਼ਹਿਰ, 27 ਮਈ 2021
ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 2 ਮੁਕੱਦਮੇ ਦਰਜ ਕੀਤੇ ਗਏ ਜਦਕਿ ਬਿਨਾਂ ਮਾਸਕ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 55 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਸੁਰਿੰਦਰ ਕੁਮਾਰ ਪੁੱਤਰ ਕਿਸ਼ਨ ਲਾਲ ਵਾਸੀ ਸਿੰਬਲ ਮਜਾਰਾ ਕਰਫ਼ਿਊ ਦੌਰਾਨ ਆਪਣੀ ਕਰਿਆਨੇ ਦੀ ਦੁਕਾਨ ਖੋਲ ਕੇ ਨਜਾਇਜ਼ ਸ਼ਰਾਬ ਵੇਚ ਰਿਹਾ ਸੀ, ਜਿਸ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਉਨਾਂ ਦੱਸਿਆ ਕਿ ਉਸ ਖਿਲਾਫ਼ ਥਾਣਾ ਸਦਰ ਬਲਾਚੌਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸੇ ਤਰਾਂ ਓਂਕਾਰ ਸਿੰਘ ਪੁੱਤਰ ਦਰਸ਼ਨ ਲਾਲ ਵਾਸੀ ਮੰਗੂਪੁਰ, ਥਾਣਾ ਪੋਜੇਵਾਲ ਅਤੇ ਜਸਵੀਰ ਸਿੰਘ ਪੁੱਤਰ ਵਾਸਦੇਵ ਵਾਸੀ ਦਸਮੇਸ਼ ਅਕੈਡਮੀ ਰੋਡ, ਅਨੰਦਪੁਰ ਸਾਹਿਬ, ਜ਼ਿਲਾ ਰੋਪੜ ਵੱਲੋਂ ਕਰਫ਼ਿਊ ਦੌਰਾਨ ਰਾਤ ਸਮੇਂ ਡਸਟ ਨਾਲ ਭਰੀ ਟਰੈਕਟਰ-ਟਰਾਲੀ ਚਲਾਉਣ ’ਤੇ ਥਾਣਾ ਪੋਜੇਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 890 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 55 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। ਇਸੇ ਤਰਾਂ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।