ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਤਿੰਨ ਮੁਕੱਦਮੇ ਦਰਜ

ਪੁਲਿਸ ਨੇ 706 ਦੇ ਕਰਵਾਏ ਕੋਵਿਡ ਟੈਸਟ, 77 ਦੇ ਕੀਤੇ ਚਲਾਨ
ਨਵਾਂਸ਼ਹਿਰ, 7 ਮਈ 2021
ਜ਼ਿਲੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਜ਼ਿਲੇ ਵਿਚ ਪੁਲਿਸ ਵੱਲੋਂ ਅੱਜ 3 ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 706 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 77 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਲਾਕਡਾਊਨ ਦੌਰਾਨ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ ਖਿਲਾਫ਼ ਸਖ਼ਤੀ ਵਰਤਦੇ ਹੋਏ ਬੰਗਾ ਰੋਡ, ਨਵਾਂਸ਼ਹਿਰ ਵਿਖੇ ਗੋਲਡੀ ਜਿੰਮ ਦੇ ਮਾਲਕ ਹਰਪ੍ਰੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਬੇਗਮਪੁਰ ਵੱਲੋਂ ਜਿੰਮ ਖੋਲਣ ’ਤੇ ਉਸ ਦੇ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰਾਂ ਸੋਸ਼ਲ ਡਿਸਟੈਂਸ ਦੀ ਪਾਲਣਾ ਨਾ ਕਰਨ ਕਰਕੇ ਦੋ ਮੋਟਰ ਸਾਈਕਲ ਸਵਾਰਾਂ ਲਖਵਿੰਦਰ ਸਿੰਘ ਪੁੱਤਰ ਮਦਨ ਲਾਲ ਵਾਸੀ ਕਰਾਵਰ ਅਤੇ ਕੁਲਵਿੰਦਰ ਰਾਮ ਪੁੱਤਰ ਤਰਸੇਮ ਵਾਸੀ ਬੂਥਗੜ੍ਰ ਹਾਲ ਵਾਸੀ ਮਹਿੰਦੀਪੁਰ ਦੇ ਖਿਲਾਫ਼ ਥਾਣਾ ਸਿਟੀ ਬਲਾਚੌਰ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਨਾਨਕ ਕਾਲਜ ਬੰਗਾ ਦੀ ਗਰਾਊਂਡ ਵਿਚ ਪਬਲਿਕ ਵੱਲੋਂ ਬਿਨਾਂ ਮਾਸਕ ਲਗਾਏ ਕਾਫੀ ਇਕੱਠ ਕਰਨ ’ਤੇ ਉਨਾਂ ਖਿਲਾਫ਼ ਥਾਣਾ ਸਿਟੀ ਬੰਗਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਜ਼ਿਲਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 706 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 77 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਟੋਲ ਪਲਾਜ਼ਾ, ਮਜਾਰੀ ਵਿਖੇ ਮੈਡੀਕਲ ਟੀਮ ਦੁਆਰਾ ਕੋਵਿਡ ਟੈਸਟ ਕਰਵਾਉਂਦੀ ਹੋਈ ਥਾਣਾ ਸਦਰ ਬਲਾਚੌਰ ਦੀ ਪੁਲਿਸ ਪਾਰਟੀ।

Spread the love