ਸਿਵਲ ਸਰਜਨ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦਾ ਦੌਰਾ
ਨਵਾਂਸ਼ਹਿਰ, 1 ਸਤੰਬਰ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਊਸ਼ਾ ਕਿਰਨ ਸਮੇਤ ਸਮੂਹ ਸਟਾਫ ਨੇ ਸਿਵਲ ਸਰਜਨ ਡਾ ਗੁਰਿੰਦਰਬੀਰ ਜੀ ਨੂੰ ਗੁਲਦਸਤਾ ਭੇਟ ਕਰਕੇ ਨਿੱਘਾ ਸੁਆਗਤ ਕੀਤਾ।
ਇਸ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਬੀਰ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ, ਓਟ ਸੈਂਟਰ, ਓ.ਪੀ.ਡੀ. ਵਿਖੇ ਆਮ ਲੋਕਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹਸਪਤਾਲ ਦੇ ਸਾਰੇ ਕਮਰਿਆਂ ਅਤੇ ਬਾਥਰੂਮਾਂ ਸਮੇਤ ਹੋਰ ਮੈਡੀਕਲ ਸਾਜੋ-ਸਮਾਨ ਅਤੇ ਫਾਰਮੇਸੀ ਸਟੋਰ ਦੀ ਚੈਕਿੰਗ ਵੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸੀਨੀਅਰ ਮੈਡੀਕਲ ਅਫਸਰ ਡਾ ਊਸ਼ਾ ਕਿਰਨ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਚ ਜੱਚਾ ਬੱਚਾ ਸੇਵਾਵਾਂ, ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਦੇ ਨਾਲ-ਨਾਲ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ਉੱਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਰਾਹੋਂ ਵਿਚ ਜਣੇਪਾ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜਣੇਪੇ ਸਿਹਤ ਸੰਸਥਾਵਾਂ ਵਿਚ ਹੋਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਇਸ ਚੈਕਿੰਗ ਦੌਰਾਨ ਡਾ. ਭੁਵਨੀਸ਼ ਸ਼ਾਰਦਾ ਮੈਡੀਕਲ ਅਫਸਰ, ਡਾ. ਗੁਰਪਿੰਦਰ ਕੌਰ ਮੈਡੀਕਲ ਅਫਸਰ, ਡਾ. ਰਣਜੀਤ ਹਰੀਸ਼ ਆਰ.ਐਮ.ਓ. ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।