ਬਰਨਾਲਾ, 2 ਜੁਲਾਈ 2021
ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਹੇਠ ਅੱਜ ਸੀਨੀਅਰ ਅਧਿਕਾਰੀਆਂ ਅਤੇ ਵੱਖ ਵੱਖ ਸ਼ਾਖਾਵਾਂ ਦੇ ਸਟਾਫ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਦਿਤਯ ਡੇਚਲਵਾਲ ਦੇ ਵਿਦਾਇਗੀ ਪ੍ਰੋੋਗਰਾਮ ਮੌਕੇ ਉਨਾਂ ਨੁੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਕ ਸੰਖੇਪ ਇਕੱਤਰਤਾ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਸ੍ਰੀ ਆਦਿਤਯ ਡੇਚਲਵਾਲ ਵੱਲੋਂ ਬਰਨਾਲਾ ਜ਼ਿਲੇ ਵਿਚ ਏਡੀਸੀ (ਜ) ਵਜੋਂ ਇਕ ਸਾਲ ਤੋਂ ਵੱਧ ਸਮੇਂ ਦੇ ਕਾਰਜਕਾਲ ਦੌਰਾਨ ਬੇਹੱਦ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ, ਜੋ ਬੇਹੱੱਦ ਸ਼ਲਾਘਾਯੋਗ ਹਨ। ਉਨਾਂ ਸ੍ਰੀ ਆਦਿਤਯ ਡੇਚਲਵਾਲ ਨੂੰ ਅਗਲੀਆਂ ਸੇਵਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਐਸਡੀਐਮ ਸ੍ਰੀ ਵਰਜੀਤ ਵਾਲੀਆ ਨੇ ਆਖਿਆ ਕਿ ਸ੍ਰੀ ਡੇਚਲਵਾਲ ਦੀਆਂ ਸ਼ਾਨਦਾਰ ਸੇਵਾਵਾਂ ਤੋਂ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ ਨੇ ਸ੍ਰੀ ਡੇਚਲਵਾਲ ਦਾ ਬਿਹਤਰੀਨ ਸੇਵਾਵਾਂ ਲਈ ਧੰਨਵਾਦ ਕੀਤਾ।
ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਸਟਾਫ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰ੍ਰੀ ਡੇਚਲਵਾਲ ਦਾ ਸਨਮਾਨ ਕੀਤਾ ਗਿਆ ਅਤੇ ਪਠਾਨਕੋਟ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜ) ਸੇਵਾਵਾਂ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮੈਡਮ ਕਿਰਨ ਸ਼ਰਮਾ, ਪੀਏ ਟੂ ਡਿਪਟੀ ਕਮਿਸ਼ਨਰ ਚੰਚਲ ਕੌਸ਼ਲ, ਪੀਏ ਟੂ ਏਡੀਸੀ ਗੁਰਵਿੰਦਰ ਸਿੰਘ, ਸੀਤਾ ਰਾਮ, ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।