ਨਵਾਂਸ਼ਹਿਰ, 19 ਅਗਸਤ 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਜੀ ਦੀ ਯੋਗ ਅਗਵਾਈ ਹੇਠ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਗਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਕੋਵਿਡ-19 ਰੋਕੂ ਟੀਕੇ ਲਾਏ ਤਾਂ ਜੋ ਜ਼ਿਲ੍ਹੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੰਗੜੋਆ, ਉਸਮਾਨਪੁਰ, ਸੜੋਆ, ਮਹਿੰਦੀਪੁਰ, ਮੁਕੰਦਪੁਰ, ਔੜ ਅਤੇ ਬੰਗਾ ਸਥਿਤ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਨੂੰ ਕੋਵਿਡ ਰੋਕੂ ਟੀਕੇ ਲਗਾਉਣ ਲਈ ਅੱੱਜ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਰਕਾਰੀ ਸਕੂਲਾਂ ਦੇ ਸਾਰੇ ਅਧਿਆਪਕਾਂ ਦਾ ਜਲਦ ਹੀ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੇ ਸਰਕਾਰੀ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਦੀ ਟੀਕਾਕਰਨ ਮੁਹਿੰਮ ਵਿਚ ਹਿੱਸਾ ਲੈਣ ਤਾਂ ਜੋ ਸਰਕਾਰੀ ਸਕੂਲਾਂ ਵਿਚ ਸਾਰੇ ਅਧਿਆਪਕਾਂ ਨੂੰ ਟੀਕੇ ਲਗਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ।
ਡਾ. ਕੁਮਾਰ ਨੇ ਅੱਗੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਅਤੇ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲ੍ਹ ਪਾਉਣ ਲਈ ਯੋਗ ਵਿਅਕਤੀਆਂ ਸਮੇਤ ਅਧਿਆਪਕਾਂ ਦਾ ਟੀਕਾਕਰਨ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਨਾਲ ਇਸ ਬਿਮਾਰੀ ਦੇ ਪ੍ਰਸਾਰ ਨੂੰ ਰੋਕਿਆ ਜਾ ਸਕਦਾ ਹੈ, ਇਸ ਲਈ ਸਾਰੇ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਿਸੇ ਨੂੰ ਵੀ ਟੀਕਾਕਰਨ ਪੂਰਾ ਕੀਤੇ ਬਗੈਰ ਕਲਾਸ ਵਿਚ ਆਉਣ ਦੀ ਆਗਿਆ ਨਹੀਂ ਹੋਵੇਗੀ, ਇਸ ਲਈ ਅਧਿਆਪਕਾਂ ਲਈ ਟੀਕਾਕਰਨ ਜ਼ਰੂਰੀ ਹੋ ਗਿਆ ਹੈ।