ਫ਼ਰੀਦਕੋਟ ,23 ਮਈ , 2021 :
ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਨਗਰ ਕੌਂਸਲ ਦੇ ਆਊਟਸੋਰਸਿੰਗ ਰਾਹੀਂ ਰੱਖੇ ਸਫ਼ਾਈ ਸੇਵਕਾਂ ,ਉਨ੍ਹਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਲੋਕ ਹਿੱਤਾਂ ਨੂੰ ਮੁੱਖ ਰੱਖ ਕੇ ਸਫ਼ਾਈ ਦਾ ਕੰਮ ਦੁਬਾਰਾ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ ।ਇਸ ਮੌਕੇ ਐੱਸਐੱਸਪੀ ਫਰੀਦਕੋਟ ਸ. ਸਵਰਨਦੀਪ ਸਿੰਘ, ਆਊਟਸੋਰਸਿੰਗ ਯੂਨੀਅਨ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਇਸ ਮੌਕੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਨੇ ਸਫ਼ਾਈ ਸੇਵਕਾਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ ਜੋ ਕਿ ਇਸ ਸੰਬੰਧੀ ਫੈਸਲਾ ਲਵੇਗੀ ਅਤੇ ਉਨ੍ਹਾਂ ਵੱਲੋਂ ਇਸ ਕੇਸ ਦੀ ਪੂਰੀ ਪੈਰਵਾਈ ਕੀਤੀ ਜਾਵੇਗੀ।।ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਸਫ਼ਾਈ ਕਰਮਚਾਰੀਆਂ ਨੂੰ ਕਿਹਾ ਕਿ ਅਸੀਂ ਕੋਰੋਨਾ ਮਹਾਂਮਾਰੀ ਦੇ ਭਿਅੰਕਰ ਦੌਰ ਵਿੱਚੋਂ ਗੁਜ਼ਰ ਰਹੇ ਹਾਂ ਤੇ ਅਜਿਹੇ ਸਮੇਂ ਵਿੱਚ ਸਫਾਈ ਦੇ ਕਾਰਜ ਬੰਦ ਕਰਨਾ ਲੋਕ ਹਿੱਤ ਵਿੱਚ ਨਹੀਂ ਸਗੋਂ ਇਹ ਗੰਦਗੀ ਸ਼ਹਿਰ ਵਿਚ ਹੋਰ ਭਿਆਨਕ ਬਿਮਾਰੀਆਂ ਨੂੰ ਸੱਦਾ ਦੇਵੇਗੀ ਤੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਣਗੀਆਂ ।ਉਨ੍ਹਾਂ ਅਪੀਲ ਕੀਤੀ ਕਿ ਸਮੂਹ ਕਰਮਚਾਰੀ ਲੋਕ ਹਿੱਤਾਂ ਅਤੇ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਆਪਣੀ ਹੜਤਾਲ ਖਤਮ ਕਰ ਕੇ ਸ਼ਹਿਰ ਦੀ ਸਫ਼ਾਈ ਵਿੱਚ ਜੁਟਣ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਐੱਸਐੱਸਪੀ ਸ. ਸਵਰਨਦੀਪ ਸਿੰਘ ਨੇ ਵੀ ਸਫਾਈ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ ਆਪਣੀ ਹੜਤਾਲ ਤੁਰੰਤ ਵਾਪਸ ਲੈਣ ।ਉਨ੍ਹਾਂ ਕਿਹਾ ਕਿ ਅਜਿਹੇ ਸੰਕਟ ਦੇ ਸਮੇਂ ਵਿੱਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕੀ ਅਸੀਂ ਰਲ ਕੇ ਇਸ ਮਹਾਂਮਾਰੀ ਦਾ ਮੁਕਾਬਲਾ ਕਰੀਏ ਅਤੇ ਇਸ ਤੇ ਰਲ ਮਿਲ ਕੇ ਫਤਿਹ ਹਾਸਲ ਕਰੀਏ।