ਸ਼ਨੀਵਾਰ ਨੂੰ ਇਕ ਘੰਟੇ ਲਈ ਸੜ੍ਹਕੀ ਆਵਾਜਾਈ ਰੋਕ ਕੇ ਦਿੱਤੀ ਜਾਵੇ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ

ਪਟਿਆਲਾ, 26 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਸੜ੍ਹਕੀ ਆਵਾਜਾਈ ਰੋਕ ਕੇ ਕਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਕੀਤੀ ਅਪੀਲ ਦੇ ਮੱਦੇਨਜਰ 27 ਮਾਰਚ ਨੂੰ ਪਟਿਆਲਾ ਜ਼ਿਲ੍ਹੇ ਵਿਚ ਵੀ ਲੋਕਾਂ ਵੱਲੋਂ ਕਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣ। ਇਸ ਸਬੰਧੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ  ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਸੜ੍ਹਕੀ ਆਵਾਜਾਈ ਰੋਕ ਕੇ, ਉਨਾਂ ਲੋਕਾਂ ਨੂੰ ਯਾਦ ਕਰਨ ਜੋ ਕਰੋਨਾ ਖਿਲਾਫ ਜੰਗ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ। ਉਨਾਂ ਨੇ ਇਸ ਵਿਚ ਸਮਾਜਿਕ ਸੰਗਠਨਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

                 ਡਿਪਟੀ ਕਮਿਸ਼ਨਰ  ਨੇ ਜ਼ਿਲ੍ਹਾ ਵਾਸੀਆਂ ਨੂੰ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜਰ ਜਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ ਹੈ। ਉਨਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ ਵਾਰ ਹੱਥ ਧੋਂਦੇ ਰਹੋ, ਇਸ ਨਾਲ ਅਸੀਂ ਕਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ। ਉਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਜਿਆਦਾ ਖਤਰਨਾਕ ਹੈ ਅਤੇ ਡਾਕਟਰੀ ਰਿਪੋਰਟਾਂ ਅਨੁਸਾਰ ਇਹ ਤੇਜੀ ਨਾਲ ਫੈਲਦਾ ਹੈ, ਇਸ ਲਈ ਸਾਨੂੰ ਵਧੇਰੇ ਸਾਵਧਾਨੀ ਰੱਖਣੀ ਚਾਹੀਦੀ ਹੈ।

Spread the love