ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਵੇ ਜਾਗਰੂਕ : ਏ.ਡੀ.ਸੀ.

ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਕੀਤਾ ਜਾਵੇ ਜਾਗਰੂਕ : ਏ.ਡੀ.ਸੀ.
-ਸਕੂਲਾਂ ਤੇ ਕਾਲਜਾਂ ਦੀਆਂ ਬੱਸਾਂ ਦੀਆਂ ਛੱਤਾਂ ‘ਤੇ ਬੈਠਣ ‘ਤੇ ਸਬੰਧਤ ਸੰਸਥਾ ਖਿਲਾਫ਼ ਹੋਵੇਗੀ ਕਾਰਵਾਈ

ਪਟਿਆਲਾ, 22 ਸਤੰਬਰ:

ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਨਿਰਦੇਸ਼ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਤੇ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲਾਂ ਤੇ ਕਾਲਜਾਂ ਦੀਆਂ ਬੱਸਾਂ ਦੇ ਡਰਾਈਵਰਾਂ/ਓਪਰੇਟਰਾਂ ਨੂੰ ਨਿਰਦੇਸ਼ ਦੇਣ ਕਿ ਵਿਦਿਆਰਥੀਆਂ ਨੂੰ ਬੱਸ ਦੀ ਛੱਤ ਉਤੇ ਨਾ ਬਿਠਾਇਆ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਬੱਸਾਂ ਦੀਆਂ ਛੱਤਾਂ ਉਤੇ ਨਾ ਬੈਠਣ ਬਾਰੇ ਜਾਗਰੂਕ ਕੀਤਾ ਜਾਵੇ।
ਜਾਰੀ ਆਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਬੱਸਾਂ ਦੀਆਂ ਛੱਤਾਂ ਉਪਰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸਫ਼ਰ ਕਰ ਰਹੇ ਹਨ ਅਤੇ ਇਹ ਬਹੁਤ ਖਤਰਨਾਕ ਹੈ, ਤੇ ਕਿਸੇ ਵੀ ਸਮੇਂ ਕੋਈ ਅਣ-ਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ ਜਾਂ ਕਾਲਜ ਦੀ ਬੱਸ ਉਪਰ ਵਿਦਿਆਰਥੀ ਬੈਠੇ ਪਾਏ ਜਾਂਦੇ ਹਨ ਤਾਂ ਸਬੰਧਤ ਸਕੂਲ ਦੇ ਖਿਲਾਫ਼ ਮੋਟਰ ਵਹੀਕਲ ਐਕਟ, 1954 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਿਟੀ ਪਟਿਆਲਾ ਵੱਲੋਂ ਟੀਮਾਂ ਬਣਾਕੇ ਚੈਕਿੰਗ ਵੀ ਕੀਤੀ ਜਾਵੇਗੀ।