ਪਰਤਣਗੀਆਂ ਰੌਣਕਾਂ
ਦਸਵੀਂ ਤੋਂ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਆਉਣਗੇ ਸਕੂਲ
ਆਫਲਾਈਨ ਜਮਾਤਾਂ ਲਈ ਸਮੁੱਚੇ ਪ੍ਰਬੰਧ ਮੁਕੰਮਲ: ਜ਼ਿਲਾ ਸਿੱਖਿਆ ਅਧਿਕਾਰੀ
ਬਰਨਾਲਾ, 25 ਜੁਲਾਈ 2021
ਸੂਬੇ ਵਿਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਮਗਰੋਂ ਸਥਿਤੀ ਵਿਚ ਸੁਧਾਰ ਹੋਣ ’ਤੇ ਪੰਜਾਬ ਸਰਕਾਰ ਵੱਲੋਂ ਦਸਵੀਂ, ਗਿਆਰਵੀਂ ਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਦੇ ਫੈਸਲੇ ਨਾਲ ਸਕੂਲਾਂ ਵਿੱਚ ਅੱਜ ਤੋਂ ਮੁੜ ਰੌਣਕਾਂ ਪਰਤਣਗੀਆਂ।
ਵਿਦਿਆਰਥੀਆਂ ਨੂੰ ਕੋਰੋਨਾ ਦੀ ਦੂਜੀ ਲਹਿਰ ਤੋਂ ਸੁਰੱਖਿਅਤ ਰੱਖਣ ਹਿੱਤ ਸਰਕਾਰ ਵੱਲੋਂ ਇਸ ਵਰੇ ਮਾਰਚ ਮਹੀਨੇ ਸਕੂਲਾਂ ਦੀ ਤਾਲਾਬੰਦੀ ਕਰ ਦਿੱਤੀ ਗਈ ਸੀ। ਇਸ ਦੌਰਾਨ ਬੇਸ਼ੱਕ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿ ਕੇ ਵਿਦਿਆਰਥੀਆਂ ਨੂੰ ਆਨਲਾਈਨ ਤਰੀਕੇ ਨਾਲ ਪੜਾਈ ਕਰਵਾਉਂਦੇ ਰਹੇ, ਪਰ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਨਹੀਂ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਪੜਾਅਵਾਰ ਸਕੂਲ ਖੋਲਣ ਦੇ ਫੈਸਲੇ ਨਾਲ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਜਮਾਤਾਂ ਲੱਗਣਗੀਆਂ। ਉਨਾਂ ਕਿਹਾ ਕਿ ਵਿਦਿਆਰਥੀਆਂ ਲਈ ਸਕੂਲ ਖੁੱਲਣ ਦੌਰਾਨ ਸਰਕਾਰ, ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੋਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਜਾਣੂ ਕਰਵਾ ਕੇ ਇਨਾਂ ਹਦਾਇਤਾਂ ਦੇ ਪਾਲਣ ਲਈ ਕਿਹਾ ਜਾ ਚੁੱਕਿਆ ਹੈ।
ਉਨਾਂ ਦੱਸਿਆ ਕਿ ਸਮੂਹ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਮਾਤਾਂ ਦੇ ਕਮਰਿਆਂ ਦੀ ਸਾਫ ਸਫਾਈ ਅਤੇ ਸੈਨੇਟਾਈਜੇਸ਼ਨ ਦੇ ਨਾਲ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਕੈਪਸ਼ਨ: ਸਰਕਾਰੀ ਸਕੂਲ ’ਚ ਤਿਆਰ ਕੀਤਾ ਵਿਦਿਆਰਥੀਆਂ ਦੀ ਜਮਾਤ ਕਮਰਾ।