ਦਿਵਿਆਂਗਜਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨ ਭਿੱਖੀਵਿੰਡ ਦੇ 241 ਲਾਭਪਾਤਰੀਆਂ ਨੂੰ ਮੁਹੱਈਆ ਕਰਵਾਏ 404 ਉਪਕਰਣ ਤੇ ਬਣਾਉਟੀ ਅੰਗ-ਸ੍ਰੀ ਸੁਖਪਾਲ ਸਿੰਘ ਭੁੱਲਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਲਿਮਕੋ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਮੁਹੱਈਆ ਕਰਵਾਏ ਜਾ ਰਹੇ ਹਨ ਲੋੜੀਂਦੇ ਉਪਕਰਣ-ਡਿਪਟੀ ਕਮਿਸ਼ਨਰ
ਭਿੱਖੀਵਿੰਡ, (ਤਰਨ ਤਾਰਨ), 25 ਅਗਸਤ 2021
ਦਿਵਿਆਂਗਜਨਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਉਹਨਾਂ ਦਾ ਜੀਵਨ ਸੁਖਾਲਾ ਕਰਨ ਦੇ ਉਦੇਸ਼ ਨਾਲ ਅੱਜ ਸਰਕਾਰੀ ਪੌਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ ਕਰਵਾਏ ਗਏ ਵਿਸ਼ੇਸ ਸਮਾਗਮ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਸਬ-ਡਵੀਜ਼ਨ ਭਿੱਖੀਵਿੰਡ ਦੇ 241 ਲਾਭਪਾਤਰੀਆਂ ਨੂੰ 404 ਉਪਕਰਣ ਅਤੇ ਬਣਾਉਟੀ ਅੰਗ ਮੁਹੱਈਆ ਕਰਵਾਏ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਸਮਾਗਮ ਦੌਰਾਨ ਸਬ-ਡਵੀਜ਼ਨ ਭਿੱਖੀਵਿੰਡ ਦੇ 241 ਲਾਭਪਾਤਰੀਆਂ ਨੂੰ 404 ਉਪਕਰਣ ਮੁਹੱਈਆ ਕਰਵਾਏ ਜਾ ਰਹੇ ਹਨ, ਜਿੰਨ੍ਹਾਂ ਦੀ ਕੀਮਤ ਲੱਗਭੱਗ 40 ਲੱਖ 25 ਹਜ਼ਾਰ ਰੁਪਏ ਹੈ।ਉਹਨਾਂ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਲੋੜਵੰਦ ਲਾਭਪਾਤਰੀਆਂ ਨੂੰ 53 ਮੋਟਰਾਈਜ਼ਡ ਟਰਾਈਸਾਈਕਲ, 76 ਟਰਾਈ ਸਾਈਕਲ, 36 ਵੀਲ੍ਹਚੇਅਰ ਅਤੇ 48 ਹੋਰ ਉਪਕਰਨ ਮੁਹੱਈਆ ਕਰਵਾਏ ਗਏ ਹਨ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅਲਿਮਕੋ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਦੇ ਸਹਿਯੋਗ ਨਾਲ ਲੋੜੀਂਦੇ ਉਪਕਰਣ ਅਤੇ ਬਣਾਉਟੀ ਅੰਗ ਮੁਹੱਈਆ ਕਰਵਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਮਾਰਚ, 2021 ਦੌਰਾਨ ਲਗਾਏ ਗਏ ਵਿਸ਼ੇਸ ਕੈਂਪਾਂ ਵਿੱਚ 969 ਲਾਭਪਾਤਰੀਆਂ ਦੀ ਰਜਿਸ਼ਟਰੇਸ਼ਨ ਕੀਤਾ ਗਈ ਸੀ, ਜਿੰਨ੍ਹਾਂ ਨੂੰ 1 ਕੋਰੜ 77 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਲੋੜੀਂਦੇ ਉਪਕਰਨ ਮੁਹੱਈਆ ਕਰਵਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਲੋੜਵੰਦਾਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ 26 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੌਸ਼ਹਿਰਾ ਪੰਨੂਆਂ ਵਿਖੇ ਵੀ ਕੈਂਪ ਆਯੋਜਿਤ ਕੀਤਾ ਜਾਵੇਗਾ।ਇਸ ਮੌਕੇ ਐੱਸ. ਡੀ. ਐੱਮ. ਭਿੱਖੀਵੰਡ ਵਾਧੂ ਚਾਰਜ ਸ੍ਰੀ ਅਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਕਿਰਤਪ੍ਰੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।