ਕਿਸੇ ਵੀ ਡਿਪੂ ਤੋਂ ਕਣਕ ਪ੍ਰਾਪਤ ਕੀਤਾ ਜਾ ਸਕਣਾ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ
ਫਾਜ਼ਿਲਕਾ, 10 ਅਗਸਤ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਲੋੜਵੰਦਾਂ ਨੂੰ ਕਣਕ ਦੀ ਵੰਡ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਸਕੀਮ ਤਹਿਤ ਕਾਰਡ ਧਾਰਕਾਂ ਨੂੰ ਕਣਕ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋੜਵੰਦਾਂ ਨੂੰ ਸਮਾਰਟ ਰਾਸ਼ਨ ਕਾਰਡ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਤਹਿਤ ਲਾਭਪਾਤਰੀ ਕਿਸੇ ਵੀ ਡਿਪੂ ਤੋਂ ਜਾ ਕੇ ਕਣਕ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ 1 ਲੱਖ 72 ਹਜ਼ਾਰ 600 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਦੀ ਵੰਡ ਦਾ ਟੀਚਾ ਮਿਥਿਆ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ 1 ਲੱਖ 72 ਹਜ਼ਾਰ 600 ਕਾਰਡ ਹੋਲਡਰਾਂ ਦੇ 6 ਲੱਖ 59 ਹਜ਼ਾਰ 936 ਪਰਿਵਾਰਕ ਮੈਂਬਰਾਂ ਨੂੰ ਇਸ ਯੋਜਨਾ ਤਹਿਤ ਕਵਰ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ 37622 ਕਾਰਡ ਹੋਲਡਰਾਂ ਨੂੰ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ 4664.536 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਵਿਤੀ ਵਰੇ੍ਹ 2020-21 ਦੌਰਾਨ ਅਪ੍ਰੈਲ ਤੋਂ ਸਤੰਬਰ ਤੱਕ ਦੀ ਕਣਕ ਦੀ ਵੰਡ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ 2 ਰੁਪਏ ਦੀ ਦਰ ਨਾਲ ਪ੍ਰਤੀ ਮੈਂਬਰ ਨੂੰ ਕਣਕ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਰਾਸ਼ਨ ਡਿਪੂ ਹੋਲਡਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਲਾਭਪਾਤਰੀ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਨਾਜ ਦੀ ਵੰਡ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇ। ਉਨ੍ਹਾਂ ਅਧਿਕਾਰਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸਹੀ ਤੋਲ ਨਾਲ ਪੂਰੀ ਮਾਤਰਾ ਵਿਚ ਕਣਕ ਮੁਹੱਈਆ ਕਰਵਾਈ ਜਾਵੇ।
ਕਣਕ ਪ੍ਰਾਪਤ ਕਰਨ ਵਾਲੇ ਲਾਭਪਾਤਰੀ ਮੁਖਤਿਆਰ ਸਿੰਘ ਦਾ ਕਹਿਣਾ ਹੈ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਉਸਨੂੰ ਸਰਕਾਰ ਵੱਲੋਂ ਘੱਟ ਰੇਟ `ਤੇ ਕਣਕ ਦਿੱਤੀ ਜਾ ਰਹੀ ਹੈ ਜਿਸ ਨਾਲ ਉਸਦੇ ਪਰਿਵਾਰਕ ਮੈਂਬਰਾਂ ਨੂੰ ਜੀਵਨ ਜੀਉਣ ਸਬੰਧੀ ਕੋਈ ਦਿੱਕਤ ਨਹੀਂ ਆ ਰਹੀ। ਉਹ ਦੱਸਦਾ ਹੈ ਕਿ ਪ੍ਰਤੀ ਮੈਂਬਰ ਨੂੰ 2 ਕਿਲੋ ਰੁਪਏ ਦੇ ਹਿਸਾਬ ਨਾਲ 30 ਕਿਲੋ ਕਣਕ ਮੁਹੱਈਆ ਕਰਵਾਈ ਗਈ ਹੈ ਜਿਸ ਨਾਲ ਉਸਦੇ ਪਰਿਵਾਰ ਦਾ ਗੁਜਾਰਾ ਵਧੀਆ ਢੰਗ ਨਾਲ ਹੋ ਰਿਹਾ ਹੈ। ਉਹ ਦੱਸਦਾ ਹੈ ਕਿ ਸਰਕਾਰ ਦੀ ਸਮਾਰਟ ਰਾਸ਼ਨ ਸਕੀਮ ਨਾਲ ਹੁਣ ਉਹ ਕਿਸੇ ਵੀ ਡਿਪੂ `ਤੇ ਜਾ ਕੇ ਕਣਕ ਪ੍ਰਾਪਤ ਕਰ ਲੈਂਦਾ ਹੈ ਜਿਸ ਨਾਲ ਉਨ੍ਹਾਂ ਨੂੰ ਕਣਕ ਪ੍ਰਾਪਤ ਕਰਨ `ਚ ਹੋਰ ਸੁਖਾਲਾ ਹੋ ਜਾਵੇਗਾ।