ਰੋਜ਼ਾਨਾ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਨੂੰ ਆਰਥਿਕ ਤੌਰ ’ਤੇ ਹੋਰ ਵੀ ਲਾਭ ਮਿਲਿਆ
ਬਟਾਲਾ, 20 ਜੁਲਾਈ 2021 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਪੰਜਾਬ ਅੰਦਰ ਮੁਫਤ ਸਫਰ ਸਹੂਲਤ ਦੇ ਕੇ ਇਤਿਹਾਸਕ ਫੈਸਲਾ ਕੀਤਾ ਹੈ ਅਤੇ ਜਿਸਦਾ ਰਾਜ ਦੀਆਂ ਮਹਿਲਾਵਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਇਸ ਸਾਲ ਦੇ ਅਪ੍ਰੈਲ ਮਹੀਨੇ ਤੋਂ ਔਰਤਾਂ ਲਈ ਸ਼ੁਰੂ ਕੀਤੇ ਗਏ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਤੋਂ ਸਮੂਹ ਔਰਤਾਂ ਖੁਸ਼ ਹਨ।
ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਨੇ ਜਿਥੇ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਓਥੇ ਮਹਿਲਾ ਸਸ਼ਕਤੀਕਰਨ ਵਿੱਚ ਹੋਰ ਵੀ ਕਦਮ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਅਤੇ ਪੰਚਾਇਤੀ ਰਾਜ ਚੋਣਾਂ ’ਚ 50 ਫੀਸਦੀ ਰਾਖਵਾਂਕਰਨ ਦਾ ਅਧਿਕਾਰ ਅਤੇ ਸਰਕਾਰੀ ਨੌਕਰੀਆਂ ’ਚ 33 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੇਂ ਸੂਬੇ ਭਰ ਦੀਆਂ ਸ਼ਹਿਰੀ ਵਾਰਡਾਂ ਵਿੱਚ 50 ਫੀਸਦੀ ਕੌਂਸਲਰ ਮਹਿਲਾਵਾਂ ਹਨ ਅਤੇ ਇਸੇ ਤਰਾਂ ਸਾਰੀ ਪੰਚਾਇਤਾਂ ਵਿੱਚ 50 ਫੀਸਦੀ ਪੰਚ ਤੇ ਸਰਪੰਚ ਵੀ ਔਰਤਾਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਲਾਮਿਸਾਲ ਕਦਮ ਚੁੱਕੇ ਗਏ ਹਨ।