-ਡਿਪਟੀ ਕਮਿਸ਼ਨਰ ਵੱਲੋਂ ਮੀਡੀਆ ਕਰਮੀਆਂ ਨਾਲ ਮੁਲਾਕਾਤ
-ਕਿਹਾ, ਸਮਾਜਿਕ ਜਾਗਰੂਕਤਾ ਵਿਚ ਮੀਡੀਆ ਦਾ ਯੋਗਦਾਨ ਸਲਾਘਾਯੋਗ
ਫਾਜ਼ਿਲਕਾ, 17 ਸਤੰਬਰ 2024
ਜ਼ਿਲ੍ਹੇ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਦੀ ਸਕੀਮਾਂ ਦਾ ਲਾਭ ਕਤਾਰ ਦੇ ਆਖਰੀ ਵਿਅਕਤੀ ਤੱਕ ਪਹੁੰਚਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ ਅਤੇ ਕੋਈ ਵੀ ਯੋਗ ਲਾਭਪਾਤਰੀ ਇੰਨ੍ਹਾਂ ਤੋਂ ਵਾਂਝਾ ਨਹੀਂ ਰਹੇਗਾ।
ਉਹ ਅੱਜ ਇੱਥੇ ਮੀਡੀਆ ਕਰਮੀਆਂ ਨਾਲ ਪਲੇਠੀ ਬੈਠਕ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਸਮਾਜਿਕ ਜਾਗਰੂਕਤਾ ਵਿਚ ਮੀਡੀਆ ਦੀ ਭੂਮਿਕਾ ਬਹੁਤ ਹੀ ਮਹੱਤਵਪੂਰਨ ਹੈ ਅਤੇ ਸੂਚਨਾਵਾਂ ਦੇ ਪਸਾਰ ਦਾ ਸਲਾਘਾਯੋਗ ਕਾਰਜ ਮੀਡੀਆ ਕਰਮੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੀਡੀਆ ਰਾਹੀਂ ਜਿੱਥੇ ਸਰਕਾਰ ਦੀਆਂ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪੁੱਜ ਰਹੀ ਹੈ ਉਥੇ ਹੀ ਲੋਕਾਂ ਦੀ ਰਾਏ ਵੀ ਪ੍ਰਸ਼ਾਸਨ ਤੱਕ ਪਹੁੰਚਦੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਆਖਿਆ ਕਿ ਫਾਜ਼ਿਲਕਾ ਵਿਚ ਬਤੌਰ ਡਿਪਟੀ ਕਮਿਸ਼ਨਰ ਕੰਮ ਕਰਦਿਆਂ ਉਨ੍ਹਾਂ ਦੀ ਤਰਜੀਹ ਰਹੇਗੀ ਕਿ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਨੂੰ ਤੈਅ ਸਮਾਂ ਹੱਦ ਵਿਚ ਮੁਕੰਮਲ ਕੀਤਾ ਜਾਵੇ ਅਤੇ ਨਾਲ ਦੀ ਨਾਲ ਹੋਰ ਵਿਕਾਸ ਪ੍ਰੋਜੈਕਟ ਵੀ ਜ਼ਿਲ੍ਹੇ ਵਿਚ ਲਿਆਂਦੇ ਜਾਣ।
ਡਿਪਟੀ ਕਮਿਸ਼ਨਰ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਪ੍ਰਸ਼ਾਸਨ ਦੀ ਲੋਕਾਂ ਪ੍ਰਤੀ ਜਵਾਬਦੇਹੀ ਬਣਾਈ ਜਾਵੇਗੀ ਅਤੇ ਕਿਸੇ ਵੀ ਪੱਧਰ ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਫ਼ਤਰਾਂ ਵਿਚ ਲੋਕਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ ਅਤੇ ਲੋਕ ਹਿੱਤ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ।
ਮੀਡੀਆ ਕਰਮੀਆਂ ਵੱਲੋਂ ਨਿਭਾਈ ਜਾ ਰਹੀ ਮਹੱਤਵਪੂਰਨ ਭੁਮਿਕਾ ਦੀ ਸਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਡੀਆ ਕਰਮੀਆਂ ਤੋਂ ਮਿਲੇ ਫੀਡ ਬੈਕ ਨਾਲ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਸੁਧਾਰਨ ਵਿਚ ਮਦਦ ਮਿਲਦੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਵਿਸੇ਼ਸ ਤੌਰ ਤੇ ਹਾਜਰ ਸਨ।