ਅੱਖਾਂ ਦਾਨ ਕਰਨ ਨਾਲ ਕਿਸੇ ਲੋੜਵੰਦ ਦੀ ਹਨ੍ਹੇਰੀ ਜ਼ਿੰਦਗੀ ਵਿੱਚ ਹੋ ਸਕਦੀ ਹੈ ਰੋਸ਼ਨੀ : ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ
ਜ਼ਿਲ੍ਹੇ ਵਿੱਚ 150 ਤੋਂ ਵੱਧ ਵਿਅਕਤੀਆਂ ਨੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਲਿਆ ਪ੍ਰਣ
ਨਵਾਂਸ਼ਹਿਰ, 8 ਸਤੰਬਰ 2021 2021 ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ 36ਵਾਂ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਪੰਦਰਵਾੜਾ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਮਰਨ ਉਪਰੰਤ ਅੱਖਾਂ ਦਾਨ ਕਰਨ ਲਈ ਰਜਿਸਟ੍ਰੇਸ਼ਨ ਫਾਰਮ ਭਰ ਕੇ ਜ਼ਿਲ੍ਹੇ ਦੇ ਲੋਕਾਂ ਦੇ ਸਾਹਮਣੇ ਇਕ ਵਿਲੱਖਣ ਮਿਸਾਲ ਪੇਸ਼ ਕੀਤੀ।
ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਵਿੱਚ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ ਕੁਲਦੀਪ ਰਾਏ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਜਗਤ ਰਾਮ, ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ, ਕਲਰਕ ਹਰਜੋਧ ਸਿੰਘ, ਸਟੈਨੋ ਜਗਵੰਤ ਰਾਏ, ਪਰਮਜੀਤ ਕੌਰ, ਹੈਲਥ ਵਰਕਰ ਗੁਰਦੇਵ ਸਿੰਘ, ਡਰਾਈਵਰ ਪਰਮਜੀਤ ਸਿੰਘ, ਫਾਰਮੇਸੀ ਅਫ਼ਸਰ ਇੰਦੂ ਬਾਲਾ, ਸ਼ਿਵਿਕਾ, ਹਰਮੀਤ ਕੌਰ ਅਤੇ ਕੰਪਿਊਟਰ ਅਪਰੇਟਰ ਅਮਨਦੀਪ ਕੌਰ ਸਮੇਤ 150 ਤੋਂ ਵੱਧ ਵਿਅਕਤੀਆਂ ਨੇ ਰਜਿਸਟ੍ਰੇਸ਼ਨ ਫਾਰਮ ਭਰ ਕੇ ਮਰਨ ਉਪਰੰਤ ਅੱਖਾਂ ਦਾਨ ਕਰਨ ਦਾ ਪ੍ਰਣ ਵੀ ਲਿਆ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਸਿਵਲ ਸਰਜਨ ਦਫ਼ਤਰ ਦੇ ਟ੍ਰੇਨਿੰਗ ਹਾਲ ਵਿਖੇ ਅੱਜ ਕਰਵਾਏ ਇਕ ਜਾਗਰੂਕਤਾ ਸਮਾਰੋਹ ਮੌਕੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਖਾਂ ਦਾਨ ਕਰਨ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਹਨ੍ਹੇਰੀ ਜ਼ਿੰਦਗੀ ਵਿੱਚ ਰੋਸ਼ਨੀ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਅੱਗੇ ਦੱਸਿਆ ਕਿ ਅੱਖਾਂ ਦਾਨ ਵਰਗਾ ਕੋਈ ਦਾਨ ਨਹੀਂ ਹੈ। ਮੌਤ ਤੋਂ 6 ਘੰਟੇ ਵਿੱਚ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਅੱਖਾਂ ਦਾਨ ਕਰਨ ਦੇ ਨਾਲ ਤੁਸੀਂ ਮਰਨ ਉਪਰੰਤ ਵੀ ਦੇਖ ਸਕਦੇ ਹੋ ਅਤੇ ਕਿਸੇ ਹੋਰ ਵਿਅਕਤੀ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦੇ ਹੋ। ਸੂਬੇ ਵਿੱਚ ਅੰਦਾਜ਼ਨ ਤਿੰਨ ਲੱਖ ਲੋਕ ਅੰਨ੍ਹੇਪਨ ਦੇ ਸ਼ਿਕਾਰ ਹਨ। ਇਨ੍ਹਾਂ ਵਿੱਚੋਂ ਕਈ ਲੋਕ ਪੁਤਲੀ ਦੇ ਰੋਗਾਂ ਕਰਕੇ ਅੱਖਾਂ ਦੀ ਬਿਮਾਰੀ ਦੇ ਸ਼ਿਕਾਰ ਹਨ। ਇਸ ਤਰ੍ਹਾਂ ਜੇਕਰ ਕੋਈ ਵਿਅਕਤੀ ਅੱਖਾਂ ਦਾਨ ਕਰਦਾ ਹੈ ਤਾਂ ਉਹ ਕਿਸੇ ਹੋਰ ਵਿਅਕਤੀ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦਾ ਹੈ।
ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ। ਕੌਰਨੀਆ ਇੱਕ ਪਾਰਦਰਸ਼ੀ ਪਰਦਾ ਹੈ, ਜੋ ਅੱਖ ਦੇ ਸਾਹਮਣੇ ਹੁੰਦਾ ਹੈ ਅਤੇ ਉਸ ਨੂੰ ਕਵਰ ਕਰਦਾ ਹੈ। ਇਹ ਇੱਕ ਖਿੜਕੀ ਵਾਂਗ ਹੈ, ਜਿਸ ਕਾਰਨ ਰੌਸ਼ਨੀ ਅੱਖ ਦੇ ਅੰਦਰ ਜਾਂਦੀ ਹੈ। ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫ਼ੈਕਸ਼ਨ ਦੇ ਕਾਰਨ ਕੌਰਨੀਆ ਧੁੰਦਲਾ ਹੋ ਸਕਦਾ ਹੈ ਅਤੇ ਨਜ਼ਰ ਘਟ ਜਾਂਦੀ ਹੈ।
ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਕੌਰਨੀਆ ਦੀ ਬਿਮਾਰੀ ਨਾਲ ਹੋਣ ਵਾਲਾ ਅੰਨ੍ਹਾਪਣ ਪੁਤਲੀ ਬਦਲਣ ਦੇ ਆਪਰੇਸ਼ਨ (ਜਿਸਨੂੰ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਜਾਂ ਕੇਰਾਟੋਪਲਾਸਟੀ ਵੀ ਕਿਹਾ ਜਾਂਦਾ ਹੈ) ਨਾਲ ਦੂਰ ਕੀਤਾ ਜਾ ਸਕਦਾ ਹੈ। ਜਿੱਥੇ ਧੁੰਦਲੇ ਕੌਰਨੀਆ ਦੀ ਥਾਂ ‘ਤੇ ਦਾਨੀ ਅੱਖ ਤੋਂ ਇਕ ਸਿਹਤਮੰਦ ਕੌਰਨੀਆ ਮਰੀਜ਼ ਦੀ ਅੱਖ ਵਿੱਚ ਟਰਾਂਸਪਲਾਂਟ ਕਰ ਦਿੱਤਾ ਜਾਂਦਾ ਹੈ।
ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਜਗਤ ਰਾਮ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸਹੁੰ ਚੁੱਕਣ ਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।