ਨਵਾਂਸ਼ਹਿਰ, 27 ਅਗਸਤ 2021 ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਆਪਣੀਆਂ ਸਿਹਤ ਸੰਸਥਾਵਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜ ਰਿਹਾ ਹੈ। ਇਸੇ ਕੜੀ ਤਹਿਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਅਤਿ ਆਧੁਨਿਕ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ ਕੀਤੀ ਗਈ ਜੋ ਕਿ ਕੁਝ ਹੀ ਸਕਿੰਟਾਂ ਵਿੱਚ ਬਲੱਡ ਪ੍ਰੈਸ਼ਰ ਦੀ ਸਟੀਕ ਰੀਡਿੰਗ ਦੱਸਣ ਅਤੇ ਸਲਿੱਪ ਪ੍ਰਿੰਟ ਦੇਣ ਦੀ ਸਮਰੱਥਾ ਰੱਖਦੀ ਹੈ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ ਨੇ ਆਪਣਾ ਬਲੱਡ ਪ੍ਰੈਸ਼ਰ ਚੈੱਕ ਕਰਵਾ ਕੇ ਮਸ਼ੀਨ ਲੋਕ ਅਰਪਿਤ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਐਨ.ਸੀ.ਡੀ.ਕਲੀਨਿਕ ਚਲਾਈ ਜਾ ਰਹੀ ਹੈ, ਜਿਸਦਾ ਉਦੇਸ਼ ਲੋਕਾਂ ਨੂੰ ਗੈਰ-ਸੰਚਾਰੀ ਰੋਗਾਂ ਤੇ ਉਨ੍ਹਾਂ ਦੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮਾਂ ਤਣਾਅ ਨਾਲ ਭਰਪੂਰ ਹੈ ਅਤੇ ਇਸ ਦੇ ਚੱਲਦਿਆਂ ਲੋਕ ਬਲੱਡ ਪ੍ਰੈਸ਼ਰ, ਸ਼ੂੁਗਰ, ਦਿਲ ਦੀਆਂ ਬਿਮਾਰੀਆਂ ਅਤੇ ਸਟਰੋਕ ਆਦਿ ਨਾਲ ਗ੍ਰਸਤ ਹੋ ਰਹੇ ਹਨ। ਇਸ ਮਸ਼ੀਨ ਨਾਲ ਜਿੱਥੇ ਮਰੀਜ਼ਾਂ ਨੂੰ ਸਮੇਂ ਸਿਰ ਆਪਣੀ ਬਿਮਾਰੀ ਦਾ ਪਤਾ ਲਗਾਉਣ ਵਿਚ ਮਦਦ ਮਿਲੇਗੀ, ਉੱਥੇ ਹੀ ਸਮੇਂ ਤੇ ਮਨੁੱਖੀ ਸ਼ਕਤੀ ਦਾ ਵੀ ਬਚਾਅ ਹੋਵੇਗਾ। ਮਸ਼ੀਨ ਵਿਚ ਮਰੀਜ਼ ਵਲੋਂ ਆਪਣੀ ਬਾਂਹ ਦਾਖਲ ਕਰਨ ਦੇ ਨਾਲ ਹੀ ਇਹ ਮਸ਼ੀਨ ਮਨੁੱਖ ਦੇ ਸਰੀਰ ਦੇ ਖੂਨ ਦੇ ਦਬਾਅ ਦੀ ਜਾਣਕਾਰੀ ਦੇ ਦੇਵੇਗੀ।
ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਹਸਪਤਾਲ ਵਿਚ ਸ਼ੂਗਰ, ਹਾਈਪਰਟੈਂਸ਼ਨ, ਹਾਰਟ, ਕੈਂਸਰ ਜਿਹੇ ਰੋਗਾਂ ਦੀ ਮੁਫਤ ਜਾਂਚ ਮਾਹਰ ਡਾਕਟਰਾਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਸੰਚਾਰੀ ਬਿਮਾਰੀਆਂ ਨੂੰ ਲੋਕਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਸਮੇਂ ਸਮੇਂ ਤੇ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਬਲਵਿੰਦਰ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਰਾਕੇਸ਼ ਚੰਦਰ, ਡਾ ਗੁਰਪਾਲ ਕਟਾਰੀਆ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।